- ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਮਕਾਨ ਖਰੀਦਣ ਦਾ ਹੈ ਦੋਸ਼
ਲੁਧਿਆਣਾ, 25 ਅਕਤੂਬਰ 2023 – ਲੁਧਿਆਣਾ ਦੀ ਸਿੱਧਵਾ ਬੇਟ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਬਿੱਟੂ ਨੂੰ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੀ ਮਦਦ ਨਾਲ ਮਕਾਨ ਖਰੀਦਣ ਦੇ ਮਾਮਲੇ ‘ਚ ਕਾਰਵਾਈ ਕੀਤੀ ਹੈ। ਸਾਬਕਾ ਚੇਅਰਮੈਨ ਨੂੰ ਪੁਲੀਸ ਨੇ ਪੁੱਛਗਿੱਛ ਲਈ ਥਾਣੇ ਬੁਲਾਇਆ ਸੀ। ਜਿੱਥੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਬਿੱਟੂ ਵੀ ਅਕਾਲੀ ਦਲ ਅਤੇ ਕਾਂਗਰਸ ਵਿੱਚ ਸਿਆਸੀ ਭੂਮਿਕਾ ਨਿਭਾਅ ਚੁੱਕੇ ਹਨ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਰਮਨ ਕੁਮਾਰ ਵਾਸੀ ਸਿੱਧਵਾਂ ਬੇਟ ਦੀ ਸ਼ਿਕਾਇਤ ‘ਤੇ 15 ਅਪ੍ਰੈਲ 2023 ਨੂੰ ਰਮਨ ਦੀ ਭਤੀਜੀ ਵਿਰੁੱਧ ਜਾਅਲੀ ਦਸਤਾਵੇਜ਼ਾਂ ਦੇ ਸਹਾਰੇ ਮਕਾਨ ਵੇਚਣ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਮਕਾਨ ਸਾਬਕਾ ਚੇਅਰਮੈਨ ਸੁਰਿੰਦਰ ਬਿੱਟੂ ਨੇ ਖਰੀਦਿਆ ਸੀ। ਜਿਸ ਕਾਰਨ ਬਿੱਟੂ ਨੂੰ ਨਾਮਜ਼ਦ ਕੀਤਾ ਗਿਆ ਸੀ। ਪਰ ਇਸ ਗੱਲ ਦੀ ਕੋਈ ਭਿਣਕ ਨਹੀਂ ਲੱਗਣ ਦਿੱਤੀ ਗਈ। ਮਾਮਲੇ ਦੀ ਜਾਂਚ ਲਈ ਬਿੱਟੂ ਨੂੰ ਥਾਣੇ ਬੁਲਾਇਆ ਗਿਆ ਸੀ ਅਤੇ ਬਿੱਟੂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।