ਚੰਡੀਗੜ੍ਹ, 21 ਨਵੰਬਰ 2022 – ਪੰਜਾਬ ਕੇਡਰ ਦੇ 1985 ਬੈਚ ਦੇ ਸਾਬਕਾ ਆਈਏਐਸ ਅਧਿਕਾਰੀ ਅਰੁਣ ਗੋਇਲ ਨੇ ਸੋਮਵਾਰ ਨੂੰ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਹ ਜਾਣਕਾਰੀ ਚੋਣ ਕਮਿਸ਼ਨ (ਈਸੀ) ਨੇ ਦਿੱਤੀ ਹੈ। ਪਿਛਲੇ ਸ਼ਨੀਵਾਰ ਹੀ ਗੋਇਲ ਨੂੰ ਚੋਣ ਕਮਿਸ਼ਨਰ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਅਰੁਣ ਗੋਇਲ ਨੇ 18 ਨਵੰਬਰ ਨੂੰ ਸਵੈ-ਇੱਛਤ ਸੇਵਾਮੁਕਤੀ ਲੈ ਲਈ ਸੀ। ਜਦੋਂ ਕਿ ਉਨ੍ਹਾਂ ਨੇ 31 ਦਸੰਬਰ 2022 ਨੂੰ 60 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋਣਾ ਸੀ। ਉਹ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੇ ਨਾਲ ਚੋਣ ਕਮਿਸ਼ਨ ਦਾ ਹਿੱਸਾ ਹੋਣਗੇ।
ਇਸ ਤੋਂ ਪਹਿਲਾਂ ਗੋਇਲ ਉਦਯੋਗ ਸਕੱਤਰ ਦੇ ਅਹੁਦੇ ‘ਤੇ ਤਾਇਨਾਤ ਸਨ। ਉਹ ਸੱਭਿਆਚਾਰਕ ਮੰਤਰਾਲੇ ਵਿੱਚ ਵੀ ਕੰਮ ਕਰ ਚੁੱਕੇ ਹਨ। ਮਈ 2022 ਵਿੱਚ ਸੁਸ਼ੀਲ ਚੰਦਰਾ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਵਜੋਂ ਸੇਵਾਮੁਕਤ ਹੋਣ ਤੋਂ ਬਾਅਦ ਚੋਣ ਕਮਿਸ਼ਨ ਵਿੱਚ ਇੱਕ ਅਹੁਦਾ ਖਾਲੀ ਸੀ।