ਚੰਡੀਗੜ੍ਹ, 16 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸਾਲ 2019 ਤੱਕ ਪਿੰਡ ਕਾਲੀਆ ਦੇ ਸਰਪੰਚ ਰਹੇ ਹਰਨੰਦ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।
ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਬੈਂਕ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਕੁੱਝ ਅਯੋਗ ਵਿਅਕਤੀਆਂ ਸਮੇਤ ਲਾਭਪਾਤਰੀਆਂ ਦੇ ਬੈਂਕ ਖਾਤੇ ਧੋਖਾਧੜੀ ਕਰਨ ਲਈ ਖੁਲ੍ਹਾਏ ਸਨ। ਫਿਰ ਉਨ੍ਹਾਂ ਨੇ ਲਾਭਪਾਤਰੀਆਂ ਦੇ ਖਾਤਿਆਂ ਨਾਲ ਸਬੰਧਤ ਦਸਤਾਵੇਜ਼ ਇਸ ਨੀਅਤ ਨਾਲ ਆਪਣੇ ਕੋਲ ਰੱਖ ਲਏ ਤਾਂ ਜੋ ਉਹ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਰਾਹਤ ਫੰਡਾਂ ਨੂੰ ਕਢਵਾਉਣ ਅਤੇ ਉਨ੍ਹਾਂ ਦੀ ਦੁਰਵਰਤੋਂ ਕਰ ਸਕਣ।

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਰਾਜ ਦੇ ਅਧਿਕਾਰੀਆਂ ਨੇ ਇਸ ਪਿੰਡ ਵਿੱਚ ਫਸਲਾਂ ਆਦਿ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਵਜੋਂ 30 ਲੱਖ ਰੁਪਏ ਮਨਜ਼ੂਰ ਕੀਤੇ ਸਨ ਅਤੇ ਉਕਤ ਮੁਲਾਜ਼ਮਾਂ ਨੇ ਉਸ ਰਕਮ ਵਿੱਚੋਂ ਕੁੱਲ 20,11,475 ਲੱਖ ਰੁਪਏ ਦਾ ਗਬਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਦੋਵਾਂ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਦੇ ਤਰਨਤਾਰਨ ਯੂਨਿਟ ਇਸ ਕੇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
