ਚੰਡੀਗੜ੍ਹ, 19 ਨਵੰਬਰ 2022 – ਪੰਜਾਬ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ 4 ਸਾਬਕਾ ਮੰਤਰੀਆਂ ਅਤੇ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਨ੍ਹਾਂ ਸਾਰੇ ਨੇਤਾਵਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ‘ਤੇ ਐਕਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਨ੍ਹਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਕੈਬਨਿਟ ਮੰਤਰੀ ਜਗਦੀਪ ਸਿੰਘ ਨਕਈ ਅਤੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਟਿੱਕਾ ਸ਼ਾਮਲ ਹਨ।
ਸੁਰੱਖਿਆ ਵਧਾਉਣ ਦਾ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਨੇਤਾਵਾਂ ‘ਤੇ ਸੰਭਾਵਿਤ ਹਮਲੇ ਦੀ ਆਈਬੀ ਦੀ ਰਿਪੋਰਟ ਦੇ ਆਧਾਰ ‘ਤੇ ਲਿਆ ਹੈ। ਆਈਬੀ ਦੀ ਰਿਪੋਰਟ ਮੁਤਾਬਕ ਇਨ੍ਹਾਂ ਆਗੂਆਂ ‘ਤੇ ਕਿਸੇ ਵੇਲੇ ਵੀ ਹਮਲਾ ਹੋਣ ਦੀ ਸੰਭਾਵਨਾ ਸੀ। ਇਸ ਕਾਰਨ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਏਜੰਸੀ ਦੀ ਸਿਫ਼ਾਰਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਆਗੂਆਂ ਨੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਪੰਜਾਬ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
ਪਿਛਲੇ ਦਿਨੀਂ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰੇ ਨੂੰ ਲੈ ਕੇ ਵੀ ਖਦਸ਼ੇ ਪ੍ਰਗਟਾਏ ਗਏ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਮੋਹਾਲੀ ਸਥਿਤ ਉਨ੍ਹਾਂ ਦੀ ਕੋਠੀ ‘ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਦੇ ਕਈ ਹਿੰਦੂ ਨੇਤਾਵਾਂ ਦੀ ਜਾਨ ਨੂੰ ਖਤਰਾ ਹੋਣ ਕਾਰਨ ਉਨ੍ਹਾਂ ਦੀ ਸੁਰੱਖਿਆ ਵਧਾਉਣ ਦੇ ਨਾਲ-ਨਾਲ ਪੰਜਾਬ ਪੁਲਸ ਵੱਲੋਂ ਉਨ੍ਹਾਂ ਨੂੰ ਬੁਲੇਟ ਪਰੂਫ ਜੈਕਟਾਂ ਦਿੱਤੀਆਂ ਗਈਆਂ ਹਨ।