ਔਰਤਾਂ ਲਈ ਮੁਫ਼ਤ ਬੱਸ ਯਾਤਰਾ ਜਾਰੀ ਰਹੇਗੀ; ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੇ ਪਰਮਿਟਾਂ ਦੀ ਜਾਂਚ ਕੀਤੀ ਜਾਵੇਗੀ – ਭੁੱਲਰ

  • ਸਿਆਸੀ ਬਦਲਾਖੋਰੀ ਲਈ ਕੋਈ ਥਾਂ ਨਹੀਂ ਪਰ ਨਾਜਾਇਜ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ : ਭੁੱਲਰ
  • ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਦੇ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਮੰਤਰੀ ਵਜੋਂ ਅਹੁਦਾ ਸੰਭਾਲਿਆ
  • ਪਲੇਠੀ ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸਤਾ ਲਿਆਉਣ ਦੀ ਹਦਾਇਤ

ਚੰਡੀਗੜ੍ਹ, 23 ਮਾਰਚ 2022 – ਪੰਜਾਬ ਦੇ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਿਆ। ਉਨਾਂ ਦੇ ਅਹੁਦਾ ਸੰਭਾਲਣ ਮੌਕੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ, ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਹੋਰ ਪਤਵੰਤੇ ਮੌਜੂਦ ਸਨ।

ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਨਾਲ ਸਬੰਧਤ ਅਤੇ ਖੇਤੀਬਾੜੀ ਕਿੱਤੇ ਨਾਲ ਜੁੜੇ ਸ. ਭੁੱਲਰ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਕਾਰਨ ਸਿਸਟਮ ਭਿ੍ਰਸ਼ਟ ਹੋ ਚੁੱਕਾ ਹੈ। ਇਨਾਂ ਖ਼ਾਮੀਆਂ ਨੂੰ ਲੱਭ ਕੇ ਪੀ.ਆਰ.ਟੀ.ਸੀ., ਪੰਜਾਬ ਰੋਡੇਵਜ਼ ਬੱਸ ਸਰਵਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਸੁਰਜੀਤ ਕੀਤਾ ਜਾਵੇਗਾ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇੱਕ ਪਰਮਿਟ ‘ਤੇ ਕਈ-ਕਈ ਨਾਜਾਇਜ਼ ਬੱਸਾਂ ਚਲਾਉਣ ਅਤੇ 40 ਕਿਲੋਮੀਟਰ ਦੇ ਰੂਟ ਪਰਮਿਟ ਵਿੱਚ 250 ਕਿਲੋਮੀਟਰ ਤੱਕ ਦਾ ਵਾਧਾ ਕਰਕੇ ਬੱਸਾਂ ਚਲਾਉਣ ਜਿਹੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਭੁੱਲਰ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਪਰਮਿਟਾਂ ਦੀ ਵੀ ਘੋਖ ਕੀਤੀ ਜਾਵੇਗੀ।

ਮੰਤਰੀ ਨੇ ਕਿਹਾ, “ਮੈਂ ਅੱਜ ਅਹੁਦਾ ਸਾਂਭਣ ਦੇ ਨਾਲ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਕੋਈ ਇੱਕ ਫ਼ੀਸਦ ਭ੍ਰਿਸ਼ਟ ਅਧਿਕਾਰੀਆਂ ਤੇ ਮੁਲਾਜ਼ਮਾਂ ਕਾਰਨ ਬਦਨਾਮ ਹੋ ਚੁੱਕੇ ਵਿਭਾਗ ਨੂੰ ਸੁਧਾਰਨ ਲਈ 99 ਫ਼ੀਸਦੀ ਈਮਾਨਦਾਰ ਅਤੇ ਮਿਹਨਤਕਸ਼ ਅਧਿਕਾਰੀ ਅਤੇ ਮੁਲਾਜ਼ਮ ਸਾਡੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।“

ਔਰਤਾਂ ਲਈ ਬੱਸਾਂ ਵਿੱਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰੱਖਣ ਦਾ ਭਰੋਸਾ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਲਈ ਜਿੱਥੇ ਅਜਿਹੀਆਂ ਹੋਰ ਸਹੂਲਤਾਂ ਲਿਆਂਦੀਆਂ ਜਾਣਗੀਆਂ, ਉਥੇ ਬੱਚਿਆਂ, ਬਜ਼ੁਰਗਾਂ ਅਤੇ ਅਪਾਹਜ ਵਿਅਕਤੀਆਂ ਲਈ ਸੀਟਾਂ ਦਾ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਠੇਕਾ ਆਧਾਰਤ ਅਤੇ ਕੱਚੇ ਮੁਲਾਜ਼ਮਾਂ, ਜਿਨਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਯਕੀਨ ਜਤਾਇਆ ਹੈ, ਨੂੰ ਵੀ ਉਨਾਂ ਦੇ ਬਣਦੇ ਹੱਕ ਦਿੱਤੇ ਜਾਣਗੇ। ਇਸ ਤੋਂ ਇਲਾਵਾ ਲੋੜ ਅਨੁਸਾਰ ਬੱਸ ਅੱਡੇ ਨਵੇਂ ਬਣਾਏ ਜਾਣਗੇ ਅਤੇ ਬੱਸ ਅੱਡਿਆਂ ਵਿੱਚ ਸਫਾਈ ਦਾ ਖ਼ਾਸ ਖਿਆਲ ਰੱਖਿਆ ਜਾਵੇਗਾ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਆਪ ਦੀ ਸਰਕਾਰ ਵਿੱਚ ਸਿਆਸੀ ਬਦਲਾਖੋਰੀ ਨੂੰ ਕੋਈ ਥਾਂ ਨਹੀਂ ਹੈ ਪਰ ਨਾਜਾਇਜ਼ ਚਲ ਰਹੀਆਂ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ। ਉਨਾਂ ਉਚੇਚੇ ਤੌਰ ‘ਤੇ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ, ਉਸ ਇੱਕ-ਇੱਕ ਉਮੀਦ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵਸੀਲਿਆਂ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਖ਼ਜ਼ਾਨਾ ਭਰਿਆ ਜਾ ਸਕੇ।

ਪਲੇਠੀ ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸਤਾ ਲਿਆਉਣ ਦੀ ਹਦਾਇਤ……

ਆਪਣਾ ਅਹੁਦਾ ਸਾਂਭਣ ਤੋਂ ਤੁਰੰਤ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ ਅਤੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ।

ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਭਾਗੀ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ।

ਟਰਾਂਸਪੋਰਟ ਮੰਤਰੀ ਨੇ ਖਾਸ ਤੌਰ ‘ਤੇ ਹਦਾਇਤ ਕੀਤੀ ਕਿ ਬੱਸਾਂ ਦਾ ਬੱਸ ਅੱਡੇ ਦੇ ਅੰਦਰੋਂ ਹੋ ਕੇ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਅਜਿਹਾ ਨਾ ਕਰਨ ‘ਤੇ ਸਖਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਐਸ.ਟੀ.ਸੀ. ਸ੍ਰੀ ਵਿਮਲ ਕੁਮਾਰ ਸੇਤੀਆ, ਡਾਇਰੈਕਟਰ ਟਰਾਂਸਪੋਰਟ-ਕਮ-ਐਮ.ਡੀ. ਪਨਬੱਸ ਸ੍ਰੀਮਤੀ ਅਮਨਦੀਪ ਕੌਰ ਅਤੇ ਐਮ.ਡੀ., ਪੀ.ਆਰ.ਟੀ.ਸੀ. ਸ੍ਰੀਮਤੀ ਪਰਨੀਤ ਸ਼ੇਰਗਿੱਲ ਆਦਿ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

Hero MotoCorp ਦੇ ਚੇਅਰਮੈਨ ਪਵਨ ਮੁੰਜਾਲ ਦੇ ਗੁਰੂਗ੍ਰਾਮ ‘ਚ ਘਰ ਅਤੇ ਦਫਤਰ ‘ਤੇ IT ਦੀ ਰੇਡ

ਦਰਬਾਰ ਸਾਹਿਬ ‘ਚ ਸ਼ਰਧਾਲੂਆਂ ਨੂੰ ਜਾਗਰੂਕ ਕਰਨ ਲਈ ਤੰਬਾਕੂ ਦੀ ਮਨਾਹੀ ਵਾਲੇ ਬੋਰਡ ਲਾਏ ਗਏ