ਅੰਮ੍ਰਿਤਸਰ, 22 ਜੂਨ 2022 – ਪਿਛਲੀ ਕਾਂਗਰਸ ਸਰਕਾਰ ਵਿੱਚ ਉਪ ਮੁੱਖ ਮੰਤਰੀ ਰਹਿ ਚੁੱਕੇ ਓਮ ਪ੍ਰਕਾਸ਼ ਸੋਨੀ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੋਨੀ ਕੋਲੋਂ ਆਪਣੀ ਜਾਨ ਦੇ ਬਦਲੇ ਵੀਹ ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਇਸ ਸੰਬੰਧੀ ਛਾਉਣੀ ਥਾਣੇ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਕਿਸੇ ਕਿਸਮ ਦੀ ਪੁਸ਼ਟੀ ਨਹੀਂ ਕੀਤੀ ਹੈ। ਜਿਸ ਨੰਬਰ ਤੋਂ ਉਪ ਮੁੱਖ ਮੰਤਰੀ ਨੂੰ ਧਮਕੀ ਦਿੱਤੀ ਗਈ ਹੈ, ਪੁਲਿਸ ਉਸ ਵਟਸਐਪ ਨੰਬਰ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ।
ਸੂਤਰਾਂ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ਦੇ ਮੋਬਾਈਲ ‘ਤੇ ਬੁੱਧਵਾਰ ਸਵੇਰੇ ਇਕ ਅਣਪਛਾਤੇ ਵਟਸਐਪ ਨੰਬਰ ਤੋਂ ਕਾਲ ਆਈ। ਮੁਲਜ਼ਮ ਨੇ ਆਪਣੇ ਆਪ ਨੂੰ ਗੈਂਗਸਟਰ ਦੱਸਿਆ ਅਤੇ ਵੀਹ ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਇੰਨਾ ਹੀ ਨਹੀਂ ਦੋਸ਼ੀ ਨੇ ਧਮਕੀ ਦਿੱਤੀ ਕਿ ਜੇਕਰ ਪੁਲਸ ਨੂੰ ਸ਼ਿਕਾਇਤ ਕੀਤੀ ਤਾਂ ਪਰਿਵਾਰ ਅਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਨਾ ਸਾਬਕਾ ਕਾਂਗਰਸੀ ਵਿਧਾਇਕ ਅਮਰਪਾਲ ਬੋਨੀ ਅਜਨਾਲਾ ਤੋਂ ਢਾਈ ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਚੁੱਕੇ ਹਨ।
ਸੋਨੀ ਪੰਜਾਬ ਦੇ ਦਿੱਗਜ ਨੇਤਾਵਾਂ ਵਿੱਚ ਗਿਣੇ ਜਾਂਦੇ ਹਨ। ਅੰਮ੍ਰਿਤਸਰ ਕੇਂਦਰੀ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਹੱਥੋਂ ਹਾਰਨ ਤੋਂ ਪਹਿਲਾਂ ਉਹ ਪੰਜ ਵਾਰ ਵਿਧਾਇਕ ਰਹੇ ਸਨ। ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ, ਉਨ੍ਹਾਂ ਨੂੰ 20 ਸਤੰਬਰ 2021 ਨੂੰ ਤਤਕਾਲੀ ਚਰਨਜੀਤ ਸਿੰਘ ਚੰਨੀ ਸਰਕਾਰ ਵਿੱਚ ਉਪ ਮੁੱਖ ਮੰਤਰੀ ਬਣਾਇਆ ਗਿਆ ਸੀ।
3 ਜੁਲਾਈ 1957 ਨੂੰ ਅੰਮ੍ਰਿਤਸਰ ਦੇ ਪਿੰਡ ਭੀਲੋਵਾਲ ਪੱਕਾ ਵਿੱਚ ਜਨਮੇ ਸੋਨੀ ਨੇ ਸਾਲ 1997 ਵਿੱਚ ਆਜ਼ਾਦ ਉਮੀਦਵਾਰ ਵਜੋਂ ਪਹਿਲੀ ਵਾਰ ਵਿਧਾਇਕ ਵਜੋਂ ਚੋਣ ਜਿੱਤੀ। ਫਿਰ ਸਾਲ 2002 ਵਿੱਚ ਉਹ ਮੁੜ ਵਿਧਾਇਕ ਚੁਣੇ ਗਏ। 2007 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਅੰਮ੍ਰਿਤਸਰ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਵਜੋਂ ਜਿੱਤੇ ਸਨ। ਇਸ ਤੋਂ ਬਾਅਦ 2012 ਅਤੇ 2017 ਵਿੱਚ ਉਹ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਸੀਟ ਤੋਂ ਜਿੱਤੇ। 2012 ਵਿੱਚ ਉਨ੍ਹਾਂ ਨੇ ਭਾਜਪਾ ਦੇ ਮੌਜੂਦਾ ਜਨਰਲ ਸਕੱਤਰ ਤਰੁਣ ਚੁੱਘ ਨੂੰ ਹਰਾਇਆ ਸੀ। ਸਾਲ 2018 ਵਿੱਚ ਉਨ੍ਹਾਂ ਨੂੰ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਮੰਤਰੀ ਬਣਾਇਆ ਗਿਆ।