ਸ੍ਰੀ ਅਨੰਦਪੁਰ ਸਾਹਿਬ, 9 ਮਾਰਚ 2023 – ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸਲਾਹ ਦਿੱਤੀ ਹੈ। ਇਹ ਦੂਜੀ ਵਾਰ ਹੈ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੇ ਅਕਾਲੀ ਦਲ ਦੀ ਕਿਸੇ ਕਮੀ ਨੂੰ ਉਜਾਗਰ ਕੀਤਾ ਹੈ। ਦੂਜੇ ਪਾਸੇ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਟੁੱਟਣ ‘ਤੇ ਵੀ ਉਹਨਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੌਰਾਨ 2 ਘਟਨਾਵਾਂ ਨੇ ਉਨ੍ਹਾਂ ਨੂੰ ਦੁਖੀ ਕੀਤਾ ਹੈ। ਜਿਨ੍ਹਾਂ ਵਿੱਚੋਂ ਇੱਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਸਿੱਖ ਨਿਹੰਗ ਦਾ ਕਤਲ ਹੈ ਅਤੇ ਦੂਜਾ ਹਿਮਾਚਲ ਦੇ ਸ੍ਰੀ ਮਣੀਕਰਨ ਸਾਹਿਬ ਵਿੱਚ ਵਾਪਰੀ ਘਟਨਾ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਟੁੱਟਣ ‘ਤੇ ਵੀ ਚਿੰਤਾ ਪ੍ਰਗਟਾਈ।
ਉਨ੍ਹਾਂ ਕਿਹਾ ਕਿ ਸਿੱਖ ਉਥੋਂ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਨਹੀਂ ਕਰ ਰਹੇ। ਇਹ ਸਭ ਕੁਝ ਸਰਕਾਰ ਵੱਲੋਂ ਕੀਤਾ ਗਿਆ ਹੈ ਅਤੇ ਸਰਕਾਰ ਗੁਰਦੁਆਰਿਆਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ਨੂੰ ਕਿਸਾਨਾਂ-ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰਨ ਦੀ ਨਸੀਹਤ ਵੀ ਦਿੱਤੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਨੂੰ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਦਾ ਸਪੱਸ਼ਟ ਕਹਿਣਾ ਹੈ ਕਿ ਅਕਾਲੀ ਦਲ ਮਜ਼ਦੂਰਾਂ ਅਤੇ ਕਿਸਾਨਾਂ ਦੀ ਪਾਰਟੀ ਹੈ। ਅਕਾਲੀ ਦਲ ਨੂੰ ਕਿਸਾਨਾਂ-ਮਜ਼ਦੂਰਾਂ ਦੀ ਪਾਰਟੀ ਬਣਾਉਣੀ ਪਵੇਗੀ। ਇਹ ਸਰਮਾਏਦਾਰਾਂ ਦੀ ਪਾਰਟੀ ਨਹੀਂ ਸੀ।
ਜਿੰਨਾ ਚਿਰ ਅਕਾਲੀ ਦਲ ਕਿਸਾਨਾਂ-ਮਜ਼ਦੂਰਾਂ ਦੀ ਪਾਰਟੀ ਨਹੀਂ ਬਣ ਜਾਂਦੀ, ਉਹਨਾਂ ਚਿਰ ਇਹ ਪਾਰਟੀ ਸੰਘਰਸ਼ ਨਹੀਂ ਕਰੇਗੀ। ਜਿੰਨਾ ਚਿਰ ਇਹ ਪਾਰਟੀ ਸੰਘਰਸ਼ ਨਹੀਂ ਕਰਦੀ, ਉਨ੍ਹਾਂ ਨੂੰ ਇਹ ਸਫਲਤਾ ਨਹੀਂ ਮਿਲੇਗੀ। ਇਹ ਸੋਚਣ ਵਾਲੀ ਗੱਲ ਹੈ।