ਤਲਵੰਡੀ ਸਾਬੋ, 31 ਦਸੰਬਰ 2024 – ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ‘ਤੇ ਬੀਤੇ ਦਿਨਾਂ ਵਿਚ ਲੱਗੇ ਕਥਿਤ ਦੋਸ਼ਾਂ ਦੀ ਜਾਂਚ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਦਿਨਾਂ ਵਿਚ ਗਠਿਤ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਜਾਂਚ ਲਈ ਇਕ ਮਹੀਨੇ ਦਾ ਹੋਰ ਸਮਾਂ ਦੇਣ ਉਤੇ ਵੀਡੀਓ ਬਿਆਨ ਰਾਹੀਂ ਪ੍ਰਤੀਕਰਮ ਦਿੰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮਾਂ ਜਾਂਚ ਕਮੇਟੀ ਨੂੰ ਨਹੀਂ ਦਿੱਤਾ ਗਿਆ ਸਗੋਂ ਮੈਨੂੰ ਲਟਕਾ ਕੇ ਰੱਖਣ ਲਈ ਦਿੱਤਾ ਗਿਆ ਹੈ, ਕਿ ਤੈਨੂੰ ਨਾ ਜਿਊਣ ਦੇਵਾਂਗੇ ਨਾ ਮਰਨ ਦੇਵਾਂਗੇ।
ਉਨ੍ਹਾਂ ਅੱਗੇ ਕਿਹਾ ਕਿ 2 ਦਸੰਬਰ ਦੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਵਿਚ ਸ਼ਾਮਿਲ ਹੋਣ ਦੀ ਇਹ ਸਜ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਅਡੋਲ ਸੀ ਅਤੇ ਅਡੋਲ ਰਹਾਂਗਾ ਪਰ ਸੀਨੀਅਰ ਲ਼ੀਡਰਸ਼ਿਪ ਨੂੰ ਚਾਹੀਦਾ ਹੈ ਕਿ ਉਹ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਵੇ, ਪੰਥ ਨੂੰ ਵੀ ਚਾਹੀਦਾ ਹੈ ਕਿ ਅਕਾਲੀ ਦਲ ਦੇ ਆਈ. ਟੀ. ਵਿੰਗ ਦੇ ਨਕਲੀ ਪੇਜਾਂ ਉਤੇ ਕੀਤੀ ਜਾ ਰਹੀ ਕਿਰਦਾਰਕੁਸ਼ੀ ਖਿਲਾਫ ਲਾਮਬੰਦ ਹੋਣ।