ਅੰਮ੍ਰਿਤਸਰ, 17 ਅਕਤਬੂਰ 2024 – ਐਸਜੀਪੀਸੀ ਦੇ ਵਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਸਾਰਿਆਂ ਨੂੰ ਮਿਲ ਕੇ ਐਸ.ਜੀ.ਪੀ.ਸੀ. ਨੂੰ ਬਚਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਅਸਤੀਫ਼ੇ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਦੀ ਬਹੁਤ ਲੋੜ ਹੈ।
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਈ ਸਾਲਾਂ ਤੋਂ ਐਸ.ਜੀ.ਪੀ.ਸੀ. ਸਿੱਖ ਮੁੱਦਿਆਂ ਦੀ ਤਰਜਮਾਨੀ ਕਰਦੀ ਆ ਰਹੀ ਹੈ ਤੇ ਸਿੰਘ ਸਹਿਬਾਨਾਂ ਨੂੰ ਐਸ.ਜੀ.ਪੀ.ਸੀ. ਦੇ ਹਰ ਕਾਰਜ ਦੀ ਜਾਣਕਾਰੀ ਹੁੰਦੀ ਹੈ।
ਉਨ੍ਹਾਂ ਅੱਗੇ ਕਿਹਾ ਪੰਜਾਬ ਵਿਚ ਐਸ.ਜੀ.ਪੀ.ਸੀ. ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਇਕ ਕੌਮੀ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਸਾਰੇ ਤਖ਼ਤ ਸਹਿਬਾਨਾਂ ਦੇ ਜਥੇਦਾਰਾਂ ਦਾ ਦਿਲੋਂ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਪਿਛਲੇ ਕਈ ਸਾਲਾਂ ਤੋਂ ਸਾਡਾ ਸੁਭਾਅ ਕਾਂ ਵਰਗਾ ਬਣ ਗਿਆ ਹੈ ਤੇ ਕਾਂ ਬਣ ਕੇ ਅਸੀਂ ਇਕ ਦੂਜੇ ’ਤੇ ਇਲਜ਼ਾਮ ਲਗਾਈ ਜਾ ਰਹੇ ਹਾਂ।

