ਅੰਮ੍ਰਿਤਸਰ, 23 ਅਕਤੂਬਰ 2024 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੋਣਾਂ ਵਿਚ ਛੋਟ ਨਹੀਂ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਕੱਲ੍ਹ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ 7 ਮੈਂਬਰੀ ਵਫ਼ਦ ਵਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਸੁਖਬੀਰ ਬਾਦਲ ਨੂੰ ਸਿਆਸੀ ਸਰਗਰਮੀਆਂ ਵਿਚ ਛੋਟ ਦੇਣ ਦੀ ਅਪੀਲ ਕੀਤੀ ਗਈ ਸੀ ਪਰ ਇਹ ਛੋਟ ਨਹੀਂ ਦਿੱਤੀ ਗਈ ਹੈ। ਜਥੇਦਾਰ ਨੇ ਆਖਿਆ ਹੈ ਕਿ ਕੋਈ ਵੀ ਤਨਖ਼ਾਹੀਆ ਸਿੱਖ ਤਨਖ਼ਾਹ ਪੂਰੀ ਕਰਨ ਤਕ ਤਨਖ਼ਾਹੀਆ ਹੀ ਰਹਿੰਦਾ ਹੈ। ਜਥੇਦਾਰ ਨੇ ਆਖਿਆ ਹੈ ਕਿ ਇਸ ਸੰਬੰਧੀ ਦੀਵਾਲੀ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਕੀਤੀ ਜਾਵੇਗੀ ਅਤੇ ਇਸ ਬਾਬਤ ਅਗਲਾ ਫ਼ੈਸਲਾ ਲਿਆ ਜਾਵੇਗਾ।
ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ਵਿਚ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਤਨਖ਼ਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ, ਉਸ ਨੂੰ ਪਰਭਾਸ਼ਿਤ ਕਰਨਾ ਹਰ ਸਿੱਖ ਲਈ ਜ਼ਰੂਰੀ ਹੈ ਜਦੋਂ ਤੱਕ ਸਿੰਘ ਸਾਹਿਬਾਨ ਵਲੋਂ ਫ਼ਸੀਲ ਤੋਂ ਉਕਤ ਸਿੱਖ ਤਨਖ਼ਾਹ ਨਹੀਂ ਲਗਵਾ ਲੈਂਦਾ ਉਦੋਂ ਤਕ ਉਹ ਤਨਖ਼ਾਹੀਆਂ ਹੀ ਰਹਿੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਡੀ ਆਪਣੀ ਵੱਡੀ ਸੰਸਥਾ ਇਸ ਦੇ ਕੰਮਕਾਜ ਵਿਚ ਸਰਕਾਰਾਂ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ। ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਸੌਂਪਦਿਆਂ ਆਖਿਆ ਸੀ ਕਿ ਜਥੇਦਾਰ ਸਾਹਿਬ ਵਲੋਂ ਜਿਹੜੀ ਵੀ ਸਜ਼ਾ ਉਨ੍ਹਾਂ ਨੂੰ ਲਗਾਈ ਜਾਵੇਗੀ ਉਹ ਨਿਮਾਣੇ ਸਿੱਖ ਵਜੋਂ ਪ੍ਰਵਾਨ ਕਰਨਗੇ।