ਅੰਮ੍ਰਿਤਸਰ, 14 ਅਗਸਤ 2025 – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਕਰਮਜੀਤ ਸਿੰਘ ਹਾਲ ਹੀ ਵਿੱਚ ਆਰ.ਐੱਸ.ਐੱਸ ਦੇ ਮੁਖੀ ਦੇ ਇਕ ਸਮਾਗਮ ਵਿੱਚ ਸ਼ਾਮਲ ਹੋਏ ਸਨ, ਜਿਸ ਨੂੰ ਲੈ ਕੇ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਮਿਲੀਆਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰ ਜਾਰੀ ਕਰ ਕੇ ਕਰਮਜੀਤ ਸਿੰਘ ਨੂੰ 15 ਦਿਨਾਂ ਦੇ ਅੰਦਰ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਗਏ ਹਨ। ਪੱਤਰ ਵਿਚ ਕਿਹਾ ਕਿ ਸਮਾਗਮ ‘ਚ ਸ਼ਿਰਕਤ ਕਰਕੇ ਕਰਮਜੀਤ ਸਿੰਘ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਅਤੇ ਸਿੱਖਾਂ ਦੀ ਵਿਲੱਖਣ ਹੋਂਦ ਦੇ ਖਿਲਾਫ਼ ਪ੍ਰਗਟਾਵਾ ਕੀਤਾ ਹੈ।
ਇਸ ਤੋਂ ਪਹਿਲਾਂ ਆਰਐਸਐਸ ਮੁਖੀ ਸਾਹਮਣੇ ਵਿਚਾਰ ਚਰਚਾ ਦੌਰਾਨ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵੱਲੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਹਟਾ ਦਿੱਤਾ ਸੀ।

