- ਪਿਛਲੀਆਂ ਸਰਕਾਰਾਂ ਦੀ ਤਰਾਂ ਆਪ ਸਰਕਾਰ ਨੇ ਵੀ ਠੇਕਾ ਮੁਲਾਜ਼ਮਾਂ ਨੂੰ ਖਾਲੀ ਹੱਥ ਮੋੜਿਆ
ਚੰਡੀਗੜ੍ਹ, 7 ਅਪ੍ਰੈਲ 2022 – ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਬਲਿਹਾਰ ਸਿੰਘ ਕਟਾਰੀਆ,ਪਵਨਦੀਪ ਸਿੰਘ,ਰਮਨਪ੍ਰੀਤ ਕੌਰ ਮਾਨ , ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਉਟਸੋਰਸਿੰਗ,ਠੇਕੇਦਾਰਾਂ, ਕੰਪਨੀਆਂ,ਇਨਲਿਸਟਮੈਂਟ, ਸੁਸਾਇਟੀਆਂ,ਕੇਂਦਰੀ ਸਕੀਮਾਂ ਸਮੇਤ ਹੋਰ ਅਨੇਕਾਂ ਕੈਟਾਗਿਰੀਆਂ ਰਾਹੀਂ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇ ਤੋਂ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਹਨ ਅਤੇ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜਮ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਤੋਂ ਤਿੱਖੇ ਸੰਘਰਸ਼ ਕੀਤੇ ਜਾ ਰਹੇ ਹਨ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਬਣੀ ਨਵੀਂ ਸਰਕਾਰ ਤੋਂ ਵੀ ਸਮੂਹ ਵਿਧਾਇਕਾਂ ਨੂੰ ਮੰਗ ਪੱਤਰ ਦੇਕੇ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਲੰਘੀ 03 ਅਪ੍ਰੈਲ ਨੂੰ ਵੀ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨੂੰ ਵੀ ਵੱਡੀ ਪੱਧਰ ਮੰਗ ਪੱਤਰ ਦਿੱਤੇ ਗਏ ਸਨ ਅਤੇ ਸੰਗਰੂਰ ਪ੍ਰਸ਼ਾਸਨ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸਮੂਹ ਸੂਬਾਈ ਆਗੂਆਂ ਨੂੰ ਲਿਖਤੀ ਪੱਤਰ ਦੇਕੇ 07 ਅਪ੍ਰੈਲ ਨੂੰ ਮੁੱਖ ਮੰਤਰੀ ਨਿਵੇਸ਼ ਤੇ ਦੁਪਹਿਰ 12 ਵਜ਼ੇ ਮੀਟਿੰਗ ਕਰਵਾਉਣ ਦਾ ਭਰੋਸ਼ਾ ਵੀ ਦਿੱਤਾ ਗਿਆ ਸੀ ਪਰ ਅੱਜ ਜਿਓਂ ਹੀ ਮੋਰਚੇ ਦੇ ਸੂਬਾਈ ਆਗੂ ਮੀਟਿੰਗ ਕਰਨ ਲਈ ਮੁੱਖ ਮੰਤਰੀ ਨਿਵਾਸ ਅੱਗੇ ਪਹੁੰਚੇ ਤਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਠੇਕਾ ਮੁਲਾਜ਼ਮ ਆਗੂਆਂ ਨੂੰ ਮੁੱਖ ਮੰਤਰੀ ਦਾ ਸਾਡਿਊਲ ਬਿਜ਼ੀ ਹੋਣ ਦਾ ਬਹਾਨਾ ਲਾਕੇ ਖਾਲੀ ਹੱਥ ਘਰ ਨੂੰ ਬਿਰੰਗ ਮੋੜ ਦਿੱਤਾ ਗਿਆ।
ਜਿਸ ਤੋਂ ਸਾਫ਼ ਜਾਹਿਰ ਹੁੰਦਾ ਹੈ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀਆਂ ਤਰਾਂ ਆਪ ਸਰਕਾਰ ਵੀ ਠੇਕਾ ਮੁਲਾਜ਼ਮ ਨੂੰ ਵਿਭਾਗਾਂ ਵਿੱਚ ਰੈਗੂਲਰ ਦੇ ਮਸਲੇ ਤੇ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪੇ ਲਾਕੇ ਸਮਾਂ ਲੰਘਾਉਣ ਦੀ ਨੀਤੀ ਅਪਣਾ ਹੈ ਅਤੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਵਰਤਮਾਨ ਪੰਜਾਬ ਸਰਕਾਰ ਵੱਲੋਂ ਜੇਕਰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸੇਵਾਵਾਂ ਦੇ ਰਹੇ ਠੇਕਾ ਮੁਲਾਜਮ ਮਜਬੂਰ ਹੋਕੇ ਪਰਿਵਾਰਾਂ ਸਮੇਤ ਸੜਕਾਂ ਤੇ ਨਿਕਲਣ ਲਈ ਮਜ਼ਬੂਰ ਹੋਣਗੇ।