- ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ
ਅੰਮ੍ਰਿਤਸਰ, 31 ਅਗਸਤ 2024 – ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੀ ਮੌਜੂਦ ਸਨ। ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਸਦਕਾ ਦੇਸ਼ ਅਤੇ ਦੇਸ਼ ਦੀ ਸੰਸਕ੍ਰਿਤੀ ਸਾਡੇ ਪਾਸ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਬਾਸ਼ਿੰਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦਾ ਹੈ। ਉਹ ਵੀ ਨਵੀਂ ਜ਼ੁੰਮੇਵਾਰੀ ਮਿਲਣ ’ਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਆਏ ਹਨ, ਤਾਂ ਕਿ ਆਪਣੇ ਖੇਤਰ ਵਿਚ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰ ਸਕਣ।
ਇਸੇ ਦੌਰਾਨ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਸ਼ਰਧਾ ਦਾ ਕੇਂਦਰ ਹੈ ਅਤੇ ਇਥੇ ਨਤਮਸਤਕ ਹੋ ਕੇ ਸੰਗਤਾਂ ਦੇ ਨਾਲ-ਨਾਲ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਰਧਾ ਪ੍ਰਗਟਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨਵੇਂ ਬਣੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਤਮਸਤਕ ਹੋਣ ਪੁੱਜੇ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਦਿੱਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਤੇ ਸ. ਹਰਭਜਨ ਸਿੰਘ ਈਟੀਓ, ਮੈਨੇਜਰ ਸ. ਨਰਿੰਦਰ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਸਮੇਤ ਹੋਰ ਮੌਜੂਦ ਸਨ।