- ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ
ਅੰਮ੍ਰਿਤਸਰ, 5 ਅਕਤੂਬਰ 2024 – ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾਸੇਨਾ ਰੈਡੀ ਨਲੂ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਅਤੇ ਹੋਰ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਇੰਦਰਾਸੇਨਾ ਰੈਡੀ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਰੇਣੁਕਾ ਨਲੂ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਰਾਜਪਾਲ ਆਪਣੇ ਪਰਿਵਾਰ ਨਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਛਕਿਆ ਅਤੇ ਸੇਵਾ ਕੀਤੀ।
ਇਸ ਮੌਕੇ ਰਾਜਪਾਲ ਸ੍ਰੀ ਇੰਦਰਾਸੇਨਾ ਰੈਡੀ ਨੇ ਆਪਣੀਆਂ ਭਾਵਨਾਵਾਂ ਵਿਅਕਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਕੇਂਦਰ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨਾਂ ਦਾ ਸੁਭਾਗ ਮਿਲਣ ’ਤੇ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਅਤੇ ਗੁਰੂ ਕੇ ਲੰਗਰ ਵਿਚ ਸੇਵਾ ਕਰਨਾ ਉਨ੍ਹਾਂ ਲਈ ਯਾਦਗਾਰੀ ਰਹੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਰਾਜਪਾਲ ਦੇ ਨਾਲ ਆਏ ਮੇਜਰ ਅਰਜਨ ਮਲਿਕ ਤੋਂ ਇਲਾਵਾ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਸ਼੍ਰੋਮਣੀ ਕਮੇਟੀ ਦੇ ਸੁਪ੍ਰਡੰਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ।