- ਸ਼ਹਿਰ ’ਚ ਬੁਨਿਆਦੀ ਸਹੂਲਤਾਂ, ਸੁੰਦਰੀਕਰਨ ਤੇ ਸਾਫ-ਸਫਾਈ ’ਤੇ ਦਿੱਤਾ ਜ਼ੋਰ
- ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੀਵਰੇਜ ਲਾਈਨਾਂ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਬਣਾਈ ਜਾਵੇ ਯਕੀਨੀ
ਚੰਡੀਗੜ੍ਹ/ਬਠਿੰਡਾ, 18 ਫਰਵਰੀ 2025 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ, ਮੇਅਰ ਸ੍ਰੀ ਪਦਮਜੀਤ ਮਹਿਤਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਸਾਫ-ਸਫਾਈ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਵਾਰਡਾਂ ਦੀਆਂ ਸਫਾਈ, ਸੀਵਰੇਜ, ਜਲ ਸਪਲਾਈ, ਸਟਰੀਟ ਲਾਈਟਾਂ ਆਦਿ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਵੀ ਆਦੇਸ਼ ਦਿੱਤੇ।
ਸ਼ਹਿਰ ਅੰਦਰ ਕੂੜਾ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਡਾ. ਰਵਜੋਤ ਸਿੰਘ ਨੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਘਰਾਂ ਵਿੱਚੋਂ ਕੂੜਾ ਇਕੱਠਾ ਕਰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਤੋਂ ਇਲਾਵਾ ਸੜਕਾਂ ਤੇ ਸ਼ਹਿਰ ਅੰਦਰ ਪਾਰਕਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ-ਸੁਥਰਾ ਆਲਾ-ਦੁਆਲਾ ਪ੍ਰਦਾਨ ਕੀਤਾ ਜਾ ਸਕੇ।

ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਬਰਸਾਤੀ ਪਾਣੀ ਦੀ ਨਿਕਾਸੀ, ਨਾਲੀਆਂ ਦੀ ਸਫਾਈ, ਸੀਵਰੇਜ ਲਾਈਨਾਂ ਦੀ ਸਫਾਈ, ਵਾਟਰ ਸਪਲਾਈ ਪਾਈਪਾਂ ਦੀ ਲੀਕੇਜ ਦੀ ਜਾਂਚ, ਲੋੜੀਂਦੀ ਮਸ਼ੀਨਰੀ ਸਮੇਤ ਹੋਰ ਉਪਾਅ ਮਾਨਸੂਨ ਤੋਂ ਪਹਿਲਾਂ ਹੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਾਰਿਸ਼ਾਂ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੀਆਂ ਜਾਣ ਵਾਲੀਆਂ ਗਰਾਂਟਾਂ ਦੀ ਸਹੀ ਤੇ ਸਮੇਂ ਸਿਰ ਵਰਤੋਂ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨਗਰ ਨਿਗਮ ਦੇ ਰੈਗੂਲਰ ਸਟਾਫ ਦੀ ਭਰਤੀ, ਟਾਊਨ ਪਲੈਨਿੰਗ ਨਾਲ ਸੰਬੰਧਿਤ ਸਕੀਮਾਂ, ਪਾਰਕਾਂ ਦੀ ਸਾਂਭ-ਸੰਭਾਲ ਆਦਿ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਹਿਰ ਅੰਦਰ ਢੁਕਵੇਂ ਸਥਾਨਾਂ ਦੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਇਸ਼ਤਿਹਾਰਬਾਜ਼ੀ ਲਈ ਯੂਨੀਪੋਲਾਂ ’ਚ ਹੋਰ ਵਾਧਾ ਕੀਤਾ ਜਾ ਸਕੇ।
ਇਸ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਨੇੜੇ ਸਾਰੀਆਂ ਸੁੱਖ-ਸਹੂਲਤਾਂ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵਲੋਂ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਦੀ ਅਪਣਾਈ ਜਾ ਰਹੀ ਨੀਤੀ ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਸਖਤ ਆਦੇਸ਼ ਹਨ ਕਿ ਰਿਸ਼ਵਤ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਤੋਂ ਪਹਿਲਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਸਥਾਨਕ ਦਫ਼ਤਰ ਨਗਰ ਨਿਗਮ ਵਿਖੇ ਪਹੁੰਚਣ ‘ਤੇ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ।
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਵਾਈਸ ਚੇਅਰਮੈਨ ਐਸ.ਸੀ. ਕਾਰਪੋਰੇਸ਼ਨ ਸ. ਗੁਰਜੰਟ ਸਿੰਘ ਸਿਵੀਆਂ, ਡਾਇਰੈਕਟਰ ਪੰਜਾਬ ਵਾਟਰ ਰਿਸੋਰਸਜ ਮੈਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਸ. ਅਮਰਜੀਤ ਰਾਜਨ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਸ਼੍ਰੀ ਸੰਦੀਪ ਗੁਪਤਾ, ਕਾਰਜਕਾਰੀ ਇੰਜੀਨੀਅਰ ਸ਼੍ਰੀ ਰਜਿੰਦਰ ਕੁਮਾਰ ਅਤੇ ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋਂ ਆਦਿ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
