ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਖੁਦ ਮੈਦਾਨ ‘ਚ ਉਤਰੇ

  • ਸਿਹਤ ਮੰਤਰੀ ਨੇ ਪਟਿਆਲਾ ‘ਚ ਕੌਮੀ ਡੇਂਗੂ ਦਿਵਸ ਮੌਕੇ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੀ ਖ਼ੁਦ ਕੀਤੀ ਅਗਵਾਈ
  • ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਡੇਂਗੂ ਦਾ ਡੰਗ ਹਰਾਉਣ ਲਈ ਸਾਧਵਾਨੀਆਂ ਵਰਤਣ ਦਾ ਸੱਦਾ
  • ਕਿਹਾ, ਡੇਂਗੂ, ਚਿਕਨਗੁਨੀਆ ਤੇ ਮਲੇਰੀਆਂ ਤੋਂ ਬਚਾਅ ਲਈ ਹਰ ਨਾਗਰਿਕ ਦਾ ਜਾਗਰੂਕ ਹੋਣ ਜ਼ਰੂਰੀ
  • ਖੜ੍ਹੇ ਪਾਣੀ ਦੇ ਸਰੋਤਾਂ ਨੂੰ ਹਫ਼ਤ ‘ਚ ਹਰ ਸ਼ੁੱਕਰਵਾਰ ਖਾਲੀ ਕਰਕੇ ਡੇਂਗੂ ਵਰਗੀ ਬਿਮਾਰੀ ਤੋਂ ਕੀਤਾ ਜਾ ਸਕਦੈ ਬਚਾਅ : ਡਾ. ਬਲਬੀਰ ਸਿੰਘ

ਪਟਿਆਲਾ, 16 ਮਈ 2025 – ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਖ਼ੁਦ ਕਮਾਨ ਸੰਭਾਲ ਲਈ ਹੈ। ਅੱਜ ਕੌਮੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਤੇ ਡੰਗ ਤੋਂ ਬਚਾਉਣ ਲਈ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਤ੍ਰਿਪੜੀ ਇਲਾਕੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਕਈ ਘਰਾਂ ਦਾ ਦੌਰਾ ਕਰਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਇਸ ਨੂੰ ਨਸ਼ਟ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਇਸ ਬਾਰੇ ਜਾਗਰੂਕ ਵੀ ਕੀਤਾ।

ਸਿਹਤ ਮੰਤਰੀ ਨੇ ਦੱਸਿਆ ਕਿ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਤੇ ਇਲਾਕੇ ਦੇ ਕੌਂਸਲਰ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਤ੍ਰਿਪੜੀ ਇਲਾਕੇ ਦੇ ਕਈ ਘਰਾਂ ਵਿੱਚ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫਰਿਜ, ਕੂਲਰਾਂ, ਫੁੱਲਾਂ ਦੇ ਗਮਲੇ, ਪਾਰਕ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ, ਉਨ੍ਹਾਂ ਨੇ ਕਈ ਘਰਾਂ ਵਿੱਚ ਲਾਰਵਾ ਖ਼ੁਦ ਲੱਭਿਆ ਤੇ ਇਸ ਨੂੰ ਨਸ਼ਟ ਕਰਨ ਦੇ ਨਾਲ-ਨਾਲ ਲੋਕਾਂ ਨੂੰ ਵੀ ਜਾਗਰੂਕ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਲਾਉਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਾਧੂ ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ।

ਇਸ ਮੌਕੇ ਦਫ਼ਤਰ ਇੰਚਾਰਜ ਜਸਵੀਰ ਸਿੰਘ ਗਾਂਧੀ, ਕੌਂਸਲਰ ਨੇਹਾ ਕੁਕਰੇਜਾ, ਸ਼ਿਵਰਾਜ ਸਿੰਘ ਵਿਰਕ, ਵੇਦ ਕਪੂਰ, ਲਲਿਤ, ਬਲਾਕ ਪ੍ਰਧਾਨ ਲਾਲ ਸਿੰਘ, ਮੋਹਿਤ ਕੁਕਰੇਜਾ, ਸਲਾਹਕਾਰ ਗੱਜਣ ਸਿੰਘ, ਤ੍ਰਿਪੜੀ ਮਾਰਕੀਟ ਪ੍ਰਧਾਨ ਚਿੰਟੂ ਨਾਸਰਾ, ਲੰਬੜਦਾਰ ਭੁਪਿੰਦਰ ਸਿੰਘ, ਲਲਿਤ ਕੁਮਾਰ, ਅਮਰੀਕ ਸਿੰਘ ਡੇਅਰੀ ਵਾਲੇ, ਐਸ.ਐਮ.ਓ. ਡਾ. ਮੋਨਿਕਾ ਤੇ ਡਾ. ਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਡੇਜਾ ਇਹ ਕਾਰਨਾਮਾ ਕਰਨ ਵਾਲਾ ਬਣਿਆ ਦੁਨੀਆ ਦਾ ਇਕਲੌਤਾ ਖਿਡਾਰੀ, ਪੜ੍ਹੋ ਵੇਰਵਾ

ਪੁੰਛ ’ਚ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ