- ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ 4 ਜਨਵਰੀ ਨੂੰ ਕੇਂਦਰ ਸਰਕਾਰ ਨਾਲ ਕੀਤੀ ਸੀ ਮੀਟਿੰਗ
- ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵਿੱਚ 6 ਸਤੰਬਰ 2022 ਨੂੰ ਸੁਣਵਾਈ ਹੋਈ ਸੀ
ਨਵੀਂ ਦਿੱਲੀ, 19 ਜਨਵਰੀ 2023 – SYL ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਵੱਡੀ ਸੁਣਵਾਈ ਹੋਣ ਜਾ ਰਹੀ ਹੈ। ਅੱਜ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਆਪਣੀ ਰਿਪੋਰਟ ਸੁਪਰੀਮ ਕੋਰਟ ‘ਚ ਰੱਖੇਗੀ। 4 ਜਨਵਰੀ ਨੂੰ ਕੇਂਦਰ ਦੀ ਅਗਵਾਈ ‘ਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਮੀਟਿੰਗ ਕੀਤੀ ਸੀ। ਜਿਸ ‘ਚ ਵੀ ਕੋਈ ਵੀ ਹੱਲ ਨਹੀਂ ਨਿੱਕਲਿਆ ਸੀ।
ਅਸਲ ‘ਚ 1966 ਵਿਚ ਪੰਜਾਬ ਤੋਂ ਵੱਖ ਹੋ ਕੇ ਹਰਿਆਣਾ ਬਣਨ ਨਾਲ ਸਤਲੁਜ-ਯਮੁਨਾ ਲਿੰਕ ਦਾ ਵਿਵਾਦ ਵੀ ਪੈਦਾ ਹੋਇਆ ਸੀ। ਸਤਲੁਜ ਨੂੰ ਯਮੁਨਾ ਨਾਲ ਜੋੜਨ ਲਈ 1982 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸਮੇਂ ਦੌਰਾਨ ਨਹਿਰ ਦੀ ਉਸਾਰੀ ਵੀ ਸ਼ੁਰੂ ਹੋ ਗਈ ਸੀ। ਉਨ੍ਹਾਂ ਨੇ ਇਸ ਦੀ ਸ਼ੁਰੂਆਤ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਪੂਰੀ ਤੋਂ ਕੀਤੀ।
ਸਤਲੁਜ-ਯਮੁਨਾ ਲਿੰਕ ਤਹਿਤ 214 ਕਿਲੋਮੀਟਰ ਲੰਬੀ ਨਹਿਰ ਬਣਾਈ ਜਾਣੀ ਹੈ। ਨਹਿਰ ਦਾ 122 ਕਿਲੋਮੀਟਰ ਹਿੱਸਾ ਪੰਜਾਬ ਵਿੱਚ ਹੈ ਅਤੇ ਬਾਕੀ 92 ਕਿਲੋਮੀਟਰ ਹਰਿਆਣਾ ਵਿੱਚ ਬਣਨਾ ਹੈ। ਹਾਲਾਂਕਿ ਦੋਵਾਂ ਰਾਜਾਂ ਵਿਚਾਲੇ ਵਿਵਾਦ ਕਾਰਨ ਇਹ ਯੋਜਨਾ ਦਹਾਕਿਆਂ ਤੋਂ ਲਟਕ ਰਹੀ ਹੈ।
ਦੱਸ ਦਈਏ ਕਿ ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰਨ ਅਤੇ ਵਿਵਾਦ ਨੂੰ ਸੁਲਝਾਉਣ ਦਾ ਹੁਕਮ ਦਿੱਤਾ ਸੀ। 4 ਜਨਵਰੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਤੋਂ ਪਹਿਲਾਂ ਵੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੀਟਿੰਗ ਹੋਈ ਸੀ ਪਰ ਕੋਈ ਹੱਲ ਨਹੀਂ ਨਿਕਲ ਸਕਿਆ ਸੀ। ਪਰ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੀ ਰਿਹਾ, ਜਿਸ ਤੋਂ ਬਾਅਦ ਅੱਜ ਯਾਨੀ 19 ਜਨਵਰੀ ਨੂੰ ਇੱਕ ਵਾਰ ਫਿਰ ਇਸ ਮਾਮਲੇ ਦੀ ਸੁਣਵਾਈ ਹੋਣ ਜਾ ਰਹੀ ਹੈ।