ਚੰਡੀਗੜ੍ਹ, 30 ਜੂਨ 2022 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਰੈਗੂਲਰ ਜ਼ਮਾਨਤ ਦੀ ਮੰਗ ‘ਤੇ ਵੀਰਵਾਰ ਨੂੰ ਸੁਣਵਾਈ ਕੀਤੀ। ਹਾਈਕੋਰਟ ਨੇ ਮਾਮਲੇ ‘ਚ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ ਦੇ ਪਹਿਲੇ ਹਫਤੇ ਮਨੀ ਲਾਂਡਰਿੰਗ, ਮਾਈਨਿੰਗ ਅਫਸਰਾਂ ਦੇ ਤਬਾਦਲੇ ਅਤੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ।
12 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਮੋਹਾਲੀ ‘ਚ ਹਨੀ ਦੇ ਟਿਕਾਣੇ ‘ਤੇ ਛਾਪਾ ਮਾਰਿਆ ਸੀ। ਉਸ ਕੋਲੋਂ 8 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਇਸ ਤੋਂ ਬਾਅਦ ਹਨੀ ਦੇ ਇਕ ਦੋਸਤ ਕੋਲੋਂ 2 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਹੋਈ।
ਹਨੀ ਅਤੇ ਉਸ ਦੇ ਦੋਸਤ ਕੋਲੋਂ ਕੁੱਲ 10 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਇਸ ਤੋਂ ਬਾਅਦ ਈਡੀ ਦੀ ਟੀਮ ਨੇ ਹਨੀ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਏ ਹਨ। ਇਸ ਮਾਮਲੇ ਵਿੱਚ ਈਡੀ ਨੇ 23 ਮਾਰਚ ਨੂੰ ਚਲਾਨ ਨੂੰ ਅੰਤਿਮ ਰੂਪ ਦੇ ਕੇ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ 20 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।