ਚੰਡੀਗੜ੍ਹ, 8 ਮਈ 2022 – ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਨੂੰ 10 ਮਈ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਇਹ ਹੁਕਮ ਜਸਟਿਸ ਅਨੂਪ ਚਿਟਕਾਰ ਦੀ ਅਦਾਲਤ ਵੱਲੋਂ ਬੱਗਾ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਤੋਂ ਬਾਅਦ ਦਿੱਤੇ ਗਏ। ਸ਼ਨੀਵਾਰ ਅੱਧੀ ਰਾਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਇਹ ਅੰਡਰਟੇਕਿੰਗ ਦਿੱਤੀ। ਇਸ ਦੇ ਨਾਲ ਹੀ ਬੱਗਾ ਦੇ ਵਕੀਲਾਂ ਨੇ ਕਿਹਾ ਕਿ ਪੰਜਾਬ ਪੁਲਿਸ ਬੱਗਾ ਨੂੰ ਸ਼ਨੀਵਾਰ ਰਾਤ ਨੂੰ ਹੀ ਗ੍ਰਿਫਤਾਰ ਕਰ ਸਕਦੀ ਹੈ। ਇਸ ਪਿੱਛੇ ਮੁਹਾਲੀ ਅਦਾਲਤ ਵੱਲੋਂ ਜਾਰੀ ਗ੍ਰਿਫ਼ਤਾਰੀ ਵਾਰੰਟ ਦਾ ਹਵਾਲਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ।
ਜਾਣਕਾਰੀ ਲਈ ਦੱਸ ਦਈਏ ਕਿ, ਬੀਤੇ ਕੱਲ੍ਹ ਹੀ ਮੋਹਾਲੀ ਅਦਾਲਤ ਨੇ ਸ਼ਨੀਵਾਰ ਸ਼ਾਮ ਨੂੰ ਹੀ ਬੱਗਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ 23 ਮਈ ਨੂੰ ਹੋਣੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਬੱਗਾ ਗ੍ਰਿਫਤਾਰੀ ਵਾਰੰਟ ਖਿਲਾਫ ਹਾਈਕੋਰਟ ਪਹੁੰਚ ਗਿਆ ਸੀ।