ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; CM ਮਾਨ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

  • ਰਾਜਪੁਰਾ ਵਿੱਚ 138 ਕਰੋੜ ਦੀ ਲਾਗਤ ਨਾਲ ਬਣੇਗਾ ਪਲਾਂਟ
  • ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
  • ਰੰਗਲਾ ਪੰਜਾਬ ਬਣਾਉਣ ਦੀ ਕਾਰਵਾਈ ਸ਼ੁਰੂ ਹੋਈ: ਮੁੱਖ ਮੰਤਰੀ

ਚੰਡੀਗੜ੍ਹ, 30 ਸਤੰਬਰ 2023 – ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ (1 ਅਕਤੂਬਰ) ਨੂੰ ਰੱਖਣਗੇ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫ਼ੀਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਉਦਯੋਗਿਕ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ। ਉਨ੍ਹਾਂ ਨੇ ਹਾਲੈਂਡ ਦੇ ਸਫ਼ੀਰ ਨੂੰ ਕਿਹਾ ਕਿ ਉਹ ਆਪਣੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਨੂੰ ਫੈਲਾਉਣ ਲਈ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕਰਨ।

ਨੀਦਰਲੈਂਡ ਦੇ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਤੇਜ਼ੀ ਨਾਲ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਸੂਬੇ ਵਿੱਚ ਬਰੇਨ ਡਰੇਨ ਦੇ ਰੁਝਾਨ ਨੂੰ ਪਲਟਾਉਣਾ ਹੈ।

ਇਸ ਦੌਰਾਨ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ। ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦ ਸਬਸਿਡੀ

ਹਰਜੋਤ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ਵਿੱਚ ਧਾਰਮਿਕ ਅਸਥਾਨਾਂ ਨੂੰ ਜਾਣ ਵਾਲੇ ਰਾਹਾਂ ‘ਤੇ ਲੱਗੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ