ਚੰਡੀਗੜ੍ਹ, 15 ਅਕਤੂਬਰ 2022 – ਬੀਤੇ ਦਿਨ 14 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ‘ਤੇ SYL ਬਾਰੇ ਬਿਆਨ ਦਿੱਤਾ ਸੀ, ਜਿਸ ਦੇ ਜਵਾਬ ‘ਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ, “ਮੈਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਲਈ ਭਗਵੰਤ ਮਾਨ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਇਤਿਹਾਸ ਦੇ ਚੋਣਵੇਂ ਅਤੇ ਸੰਦਰਭ ਤੋਂ ਬਿਨਾਂ ਹਵਾਲਾ ਦੇਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਪੰਜਾਬ, ਦੇਸ਼ ਅਤੇ ਸਾਡੇ ਰਾਜ ਪ੍ਰਤੀ ਮੇਰੀ ਵਚਨਬੱਧਤਾ ਦਾ ਗਵਾਹ ਹੈ।”
ਜ਼ਿਕਰਯੋਗ ਹੈ ਕੇ ਬੀਤੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਦੇ ਕਿਹਾ ਸੀ ਕਿ ਪਟਿਆਲਾ ਰਿਆਸਤ ਦੇ ਵਾਰਸ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਉਸ ਵੇਲੇ ਸੰਸਦ ਮੈਂਬਰ ਸਨ, ਨੇ ਵੀ ਇਸ ਨਹਿਰ ਦਾ ਟੱਕ ਲਾਉਣ ਲਈ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਸੀ। ਉਨਾਂ ਕਿਹਾ ਕਿ ਸਰਵੇ ਤੋਂ ਲੈ ਕੇ ਹੁਣ ਤੱਕ ਇਨਾਂ ਨੇਤਾਵਾਂ ਦਾ ਹਰੇਕ ਕਦਮ ਸਾਬਤ ਕਰਦਾ ਹੈ ਕਿ ਇਨਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਕਿ ਇਸ ਫੈਸਲੇ ਦਾ ਸਵਾਗਤ ਕਰਨ ਵਾਲੇ ਲੋਕ ਹੁਣ ਇਸ ਮੁੱਦੇ ਉਤੇ ਸਰਬ ਪਾਰਟੀ ਮੀਟਿੰਗ ਸੱਦਣ ਜਾਂ ਉਨਾਂ ਕੋਲੋਂ ਸਲਾਹ ਲੈਣ ਦਾ ਸੁਝਾਅ ਦੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਨੇਤਾਵਾਂ ਨੇ ਅਜਿਹੇ ਕਦਮਾਂ ਰਾਹੀਂ ਪੰਜਾਬ ਤੇ ਪੰਜਾਬੀਆਂ ਦੇ ਅੱਗੇ ਕੰਡੇ ਬੀਜੇ ਹਨ। ਉਨਾਂ ਕਿਹਾ ਕਿ ਆਪਣੇ ਨਿੱਜੀ ਮੁਫਾਦ ਲਈ ਇਨਾਂ ਖੁਦਗਰਜ਼ ਸਿਆਸੀ ਲੀਡਰਾਂ ਨੇ ਸੂਬੇ ਨੂੰ ਸੰਕਟ ਵਿਚ ਧੱਕ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਲੀਡਰਾਂ ਦੇ ਹੱਥ ਇਸ ਜੁਰਮ ਨਾਲ ਰੰਗੇ ਹੋਏ ਹਨ ਅਤੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ ਨਹੀਂ ਕਰੇਗਾ।