ਅੰੰਮਿ੍ਤਸਰ, 28 ਮਈ 2022 – ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਤੋਂ ਅੱਧਾ ਸਟਾਫ਼ ਵਾਪਸ ਲੈ ਲਿਆ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਜਥੇਦਾਰ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਉਸ ਦੀ ਸਭ ਤੋਂ ਵੱਡੀ ਸੁਰੱਖਿਆ ਸਿੱਖ ਨੌਜਵਾਨ ਹਨ।
ਇੱਕ ਵੀਡੀਓ ਜਾਰੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਹੇਠ ਕਰੀਬ ਛੇ ਸਰਕਾਰੀ ਸੁਰੱਖਿਆ ਮੁਲਾਜ਼ਮ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਤਿੰਨ ਨੂੰ ਸਰਕਾਰ ਨੇ ਵਾਪਸ ਬੁਲਾ ਲਿਆ ਹੈ। ਉਨ੍ਹਾਂ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਵਾਪਸ ਬੁਲਾਉਣ ਦਾ ਸੁਨੇਹਾ ਮਿਲਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਉਨ੍ਹਾਂ ਕੋਲ ਤਿੰਨ ਸਰਕਾਰੀ ਸੁਰੱਖਿਆ ਮੁਲਾਜ਼ਮ ਰਹਿ ਗਏ ਹਨ, ਜਿਨ੍ਹਾਂ ਨੂੰ ਉਹ ਵਾਪਸ ਭੇਜ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਆਪਣੇ ਸਕੱਤਰ ਨੂੰ ਕਿਹਾ ਹੈ ਕਿ ਸਰਕਾਰ ਨਾਲ ਗੱਲ ਕਰਕੇ ਉਨ੍ਹਾਂ ਵੱਲੋਂ ਬਾਕੀ ਦੇ ਛੱਡੇ ਗਏ ਸੁਰੱਖਿਆ ਕਰਮਚਾਰੀ ਵੀ ਵਾਪਸ ਭੇਜ ਦਿੱਤੇ ਜਾਣ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਉਨ੍ਹਾਂ ਦੀ ਸੁਰੱਖਿਆ ਲਈ ਸਿੱਖ ਕੌਮ ਦੇ ਨੌਜਵਾਨ ਹੀ ਕਾਫੀ ਹਨ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ 424 ਵੀ.ਆਈ.ਪੀਜ਼ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਨ੍ਹਾਂ ਵਿੱਚ ਸੇਵਾਮੁਕਤ ਪੁਲਿਸ ਅਧਿਕਾਰੀ, ਧਾਰਮਿਕ ਆਗੂ ਅਤੇ ਕਈ ਹੋਰ ਸ਼ਾਮਲ ਹਨ। ਡਿਊਟੀ ਤੋਂ ਹਟਾਏ ਗਏ ਪੁਲੀਸ ਮੁਲਾਜ਼ਮਾਂ ਨੂੰ ਥਾਣਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।