- 16 ਮਹੀਨਿਆਂ ਬਾਅਦ ਜੇਲ੍ਹ ਤੋਂ ਆਉਣਗੇ ਬਾਹਰ
ਚੰਡੀਗੜ੍ਹ, 21 ਅਕਤੂਬਰ 2023 – ਸੀਵਰੇਜ ਵਿਛਾਉਣ ਦਾ ਟੈਂਡਰ ਲਗਵਾਉਣ ਬਦਲੇ ਠੇਕੇਦਾਰ ਤੋਂ ਕਮਿਸ਼ਨ ਦੇ ਰੂਪ ‘ਚ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਆਈ. ਏ. ਐੱਸ. ਅਧਿਕਾਰੀ ਸੰਜੇ ਪੋਪਲੀ ਨੂੰ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵੀ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਪੋਪਲੀ ਨੇ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਪਰ ਹਾਈਕੋਰਟ ਨੇ ਫਿਰੋਜ਼ਪੁਰ ‘ਚ ਫਿਲਹਾਲ ਦਰਜ ਇੱਕ ਹੋਰ ਮਾਮਲੇ ਦੀ ਜਾਂਚ ਦੀ ਸਟੇਟਸ ਰਿਪੋਰਟ ਦੇਖ ਕੇ ਉਸਦੀ ਅਰਜ਼ੀ ‘ਤੇ ਵਿਚਾਰ ਕਰਨ ਲਈ ਕਿਹਾ ਸੀ। ਪੋਪਲੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰ. ਐੱਸ. ਚੀਮਾ ਅਤੇ ਅਰਸ਼ਦੀਪ ਸਿੰਘ ਚੀਮਾ ਨੇ ਅਦਾਲਤ ‘ਚ ਪੇਸ਼ ਹੋ ਕੇ ਕਿਹਾ ਕਿ ਪੋਪਲੀ ਨੇ ਕਿਸੇ ਤੋਂ ਰਿਸ਼ਵਤ ਦੀ ਮੰਗ ਨਹੀਂ ਕੀਤੀ ਅਤੇ ਨਾ ਹੀ ਜਾਂਚ ਏਜੰਸੀ ਕੋਲ ਅਜਿਹੀ ਕੋਈ ਰਿਕਾਰਡਿੰਗ ਜਾਂ ਕਾਲ ਡਿਟੇਲ ਹੈ।
ਇਸ ਤੋਂ ਇਲਾਵਾ ਜੋ ਸਾਢੇ ਤਿੰਨ ਲੱਖ ਰੁਪਏ ਵਸੂਲ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ, ਉਹ ਪਟੀਸ਼ਨਰ ਤੋਂ ਨਹੀਂ ਸਗੋਂ ਉਸ ਦੇ ਜਾਣਕਾਰ ਤੋਂ ਵਸੂਲ ਕੀਤੇ ਗਏ ਸਨ, ਜੋ ਸੰਜੇ ਵਤਸ ਨੂੰ ਦਿੱਤੇ ਜਾਣੇ ਸਨ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪਟੀਸ਼ਨਰ ਨੂੰ ਰੰਗੇ ਹੱਥੀਂ ਨਹੀਂ ਫੜ੍ਹਿਆ ਗਿਆ ਪਰ ਸ਼ਿਕਾਇਤ ਦੇ ਆਧਾਰ ‘ਤੇ ਉਸ ਖ਼ਿਲਾਫ਼ ਐੱਫ. ਆਈ. ਆਰ. ‘ਚ ਸ਼ਾਮਲ ਕੀਤਾ ਗਿਆ ਸੀ। ਹੇਠਲੀ ਅਦਾਲਤ ਨੇ ਪੋਪਲੀ ਦੀ ਜ਼ਮਾਨਤ ਪਟੀਸ਼ਨ ਇਹ ਕਹਿੰਦੇ ਹੋਏ ਰੱਦ ਕਰ ਦਿੱਤੀ ਸੀ ਕਿ ਜੇਕਰ ਉਸ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਭਗੌੜਾ ਹੋ ਸਕਦਾ ਹੈ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਸੰਜੇ ਪੋਪਲੀ ਨੂੰ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ 20 ਜੂਨ ਨੂੰ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਪੋਪਲੀ ਅਤੇ ਵਤਸ ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਸੀ ਅਤੇ ਉਨ੍ਹਾਂ ਦੇ ਘਰ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਪੁੱਤਰ ਕਾਰਤਕ ਪੋਪਲੀ ਦੀ ਵੀ ਗੋਲੀ ਲੱਗਣ ਨਾਲ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਸੀ। ਪੋਪਲੀ ਕਰੀਬ 16 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ।