ਚੰਡੀਗੜ੍ਹ, 15 ਜੂਨ 2022 – ਵਿਦੇਸ਼ ‘ਚ ਚੰਗੀ ਨੌਕਰੀ ਦਿਵਾਉਣ ਦਾ ਸੁਪਨਾ ਦਿਖਾ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੀ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ‘ਤੇ ਪੁਲਿਸ ਨੇ ਸ਼ਿਕੰਜਾ ਕੱਸਿਆ ਹੈ। ਕੈਨੇਡਾ ਦਾ ਵਰਕ ਪਰਮਿਟ ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਚੰਡੀਗੜ੍ਹ ਦੇ ਇੱਕ ਵਿਅਕਤੀ ਨੂੰ 2 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਪੁਲਿਸ ਨੇ ਇਮੀਗ੍ਰੇਸ਼ਨ ਕੰਪਨੀ ਦੇ ਡਾਇਰੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਸੈਕਟਰ-35 ਸਥਿਤ ਇਮੀਗ੍ਰੇਸ਼ਨ ਕੰਪਨੀ ਦੇ ਡਾਇਰੈਕਟਰ ਕਰਨ ਢੀਂਡਸਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੈਕਟਰ-44 ਵਾਸੀ ਮਹਿੰਦਰਪਾਲ ਸਿੰਘ ਨੇ ਕੰਪਨੀ ਸੰਚਾਲਕ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ।
ਸ਼ਿਕਾਇਤਕਰਤਾ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਕਾਰੋਬਾਰ ਵਿੱਚ ਨੁਕਸਾਨ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੇ ਵਰਟ ਪਰਮਿਟ ‘ਤੇ ਕੈਨੇਡਾ ਜਾਣ ਦੀ ਯੋਜਨਾ ਬਣਾਈ ਸੀ। ਇਸ ਸਬੰਧੀ ਸੈਕਟਰ-35 ਸਥਿਤ ਇਮੀਗ੍ਰੇਸ਼ਨ ਕੰਪਨੀ ਨਾਲ ਸੰਪਰਕ ਕੀਤਾ। ਉਥੇ ਮਹਿੰਦਰਪਾਲ ਸਿੰਘ ਨੇ ਕੰਪਨੀ ਦੇ ਡਾਇਰੈਕਟਰ ਕਰਨ ਢੀਂਡਸਾ ਨਾਲ ਮੁਲਾਕਾਤ ਕੀਤੀ। ਕੰਪਨੀ ਦੇ ਡਾਇਰੈਕਟਰ ਸਮੇਤ ਹੋਰਨਾਂ ਨੇ ਉਸ ਨੂੰ ਵਰਕ ਪਰਮਿਟ ਵੀਜ਼ੇ ‘ਤੇ ਕੈਨੇਡਾ ‘ਚ ਨੌਕਰੀ ਦਿਵਾਉਣ ਲਈ 9 ਲੱਖ ਰੁਪਏ ਦੀ ਮੰਗ ਕੀਤੀ। 7 ਜੂਨ ਨੂੰ ਉਸ ਨੇ ਕੰਪਨੀ ਵਿੱਚ 2.50 ਲੱਖ ਰੁਪਏ ਜਮ੍ਹਾਂ ਕਰਵਾਏ। ਇਸ ਦੇ ਬਾਵਜੂਦ ਕੰਪਨੀ ਨੇ ਵੀਜ਼ਾ ਸਮੇਂ ਸਿਰ ਨਹੀਂ ਦਿੱਤਾ। ਇਸ ਤੋਂ ਬਾਅਦ ਇਮੀਗ੍ਰੇਸ਼ਨ ਕੰਪਨੀ ਦੇ ਡਾਇਰੈਕਟਰ ਨੇ ਕਿਹਾ ਕਿ ਉਹ ਜਲਦੀ ਹੀ ਕੋਈ ਹੋਰ ਤਰੀਕਾ ਅਪਣਾ ਕੇ ਉਸ ਨੂੰ ਕੈਨੇਡਾ ਭੇਜ ਦੇਣਗੇ ਪਰ ਜਦੋਂ ਮਹਿੰਦਰਪਾਲ ਸਿੰਘ ਨੇ ਉਸ ਕੋਲੋਂ ਪੈਸੇ ਵਾਪਸ ਮੰਗੇ ਤਾਂ ਉਹ ਪੈਸੇ ਵਾਪਸ ਕਰਨ ਤੋਂ ਇਨਕਾਰ ਕਰਨ ਲੱਗਾ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ।