ਅੰਮ੍ਰਿਤਸਰ, 16 ਮਾਰਚ 2022 – ਪਟਿਆਲਾ ਜਿਲ੍ਹੇ ਦੇ ਪਿੰਡ ਮੱਦੋਮਾਜਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕੁਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ, ਪਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਦੋਸ਼ੀਆਂ ਨੂੰ ਪੁਲਿਸ ਵੱਲੋਂ ਮਾਨਸਿਕ ਰੋਗੀ ਕਹਿ ਕੇ ਪਲ੍ਹਾ ਝਾੜ ਲਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਪਿੰਡ ਮੱਦੋਮਾਜਰਾ ਵਿਖੇ ਵਾਪਰੀ ਘਟਨਾ ਦੀ ਜਾਣਕਾਰੀ ਮਿਲਣ ਤੇ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਸ. ਭਗਵੰਤ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਮੌਕੇ ਤੇ ਗਏ ਸਨ। ਉਨ੍ਹਾਂ ਕਿਹਾ ਕਿ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਸੰਗਤ ਨੇ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘਟਨਾ ਦਾ ਫੜਿਆ ਗਿਆ ਦੋਸ਼ੀ ਇਸ ਵੇਲੇ ਪੁਲਿਸ ਦੇ ਕੋਲ ਹੈ, ਜਿਸ ਪਾਸੋਂ ਸਖਤੀ ਨਾਲ ਪੁੱਛ ਪੜਤਾਲ ਹੋਣੀ ਚਾਹੀਦੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਦੇ ਪਿਛੇ ਕੰਮ ਕਰਦੀਆਂ ਤਾਕਤਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇ ਤਾਂ ਜੋ ਕੋਈ ਵੀ ਅਜਿਹੀ ਘਟਨਾ ਨੂੰ ਅੰਜਾਮ ਨਾ ਦੇ ਸਕੇ।