ਚੰਡੀਗੜ੍ਹ, 21 ਅਗਸਤ 2025 – ਅੱਜ ਜਲੰਧਰ ਤੋਂ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਸਣੇ ਕਈ ਹੋਰ ਆਗੂਆਂ ਦੀ ਗ੍ਰਿਫ਼ਤਾਰੀ ਦਾ ਮਾਮਲਾ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਪਹੁੰਚ ਗਿਆ ਹੈ। ਇਸ ਮਾਮਲੇ ‘ਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਇਕ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਜਨਤਾ ਨੂੰ ਕੇਂਦਰ ਦੀ ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਣ ਦੇ ਲਈ ਭਾਜਪਾ ਪੰਜਾਬ ਵੱਲੋਂ “ਭਾਜਪਾ ਦੇ ਸੇਵਾਦਾਰ, ਆ ਗਏ ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ। ਪਰ ਇਨ੍ਹਾਂ ਕੈਂਪਾਂ ਨੂੰ ਸੂਬਾ ਸਰਕਾਰ ਵੱਲੋਂ ਬੰਦ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸ ਧੱਕੇਸ਼ਾਹੀ ਦਾ ਵਿਰੋਧ ਕਰਦੇ ਹੋਏ ਅੱਜ ਅਸੀਂ ਮਾਨਯੋਗ ਗਵਰਨਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਭਰ ਵਿਚ ਹੋ ਰਹੀ ਇਸ ਕਾਰਵਾਈ ਬਾਰੇ ਜਾਣਕਾਰੀ ਦਿੱਤੀ।

