ਕੋਟਕਪੂਰਾ, 14 ਅਕਤੂਬਰ 2022 – ਸਾਲ 2015 ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਹੋਏ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦਾ 7ਵਾਂ ਸਮਾਗਮ ਅੱਜ 14 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਵਿਚ ਇਨਸਾਫ ਮੋਰਚਾ ਵਲੋਂ ਇਕੱਠ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਏਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਗੋਲੀ ਕਾਂਡ ਦੇ ਪੀੜਤਾਂ ਨੂੰ ਸੱਤ ਸਾਲ ਬਾਅਦ ਵੀ ਇਨਸਾਫ਼ ਨਹੀਂ ਮਿਲਿਆ।
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਵਾਪਰੀ ਇਸ ਘਟਨਾ ਤੋਂ ਬਾਅਦ ਕਾਂਗਰਸ ਸਰਕਾਰ ਆਈ ਅਤੇ 2 ਮੁੱਖ ਮੰਤਰੀ ਵੀ ਬਦਲੇ ਹੁਣ ਆਪ ਸਰਕਾਰ ਆਈ ਨੂੰ ਵੀ 7 ਮਹੀਨੇ ਦੇ ਕਰੀਬ ਹੋ ਚੁੱਕੇ ਹਨ ਪਰ ਅਜੇ ਵੀ ਇਨਸਾਫ ਮਿਲਦਾ ਨਜ਼ਰ ਨਹੀਂ ਆ ਰਿਹਾ। ਅੱਜ ਹਾਲਾਤ ਇਹ ਹਨ ਕਿ ਹਰ ਸਰਕਾਰ ਦੀਆਂ ਇਸ ਸਬੰਧੀ ਸ਼ੁਰੂ ਹੋਈਆਂ ਪੜਤਾਲਾਂ ਤੇ ਦਰਜ ਹੋਏ ਪਰਚੇ ਕਿਸੇ ਤਣ-ਪੱਤਣ ਨਹੀਂ ਲੱਗੇ।
ਅਸਲ ‘ਚ ਅੱਜ ਦੇ ਦਿਨ 7 ਸਾਲ ਪਹਿਲਾਂ 14 ਅਕਤੂਬਰ 2015 ਨੂੰ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਲੈ ਕੇ ਸ਼ਾਂਤਮਈ ਧਰਨੇ ’ਤੇ ਬੈਠੀ ਸਿੱਖ ਸੰਗਤ ’ਤੇ ਉੱਚ ਪੁਲਿਸ ਅਧਿਕਾਰੀਆਂ ਨੇ ਗੋਲੀਆਂ ਚਲਾ ਦਿੱਤੀਆਂ ਸਨ ਤੇ ਇਸ ਗੋਲੀ ਕਾਂਡ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਕੁਝ ਵਿਅਕਤੀ ਜ਼ਖ਼ਮੀ ਹੋ ਗਏ ਸਨ। ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਵਾਪਰੇ ਇਸ ਗੋਲੀ ਕਾਂਡ ਨੇ ਪੰਜਾਬ ਦੇ ਸਿਆਸੀ ਹਾਲਾਤ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਫਿਰ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਗੋਲੀ ਕਾਂਡ ਦੀ ਜਾਂਚ ਲਈ 7 ਦੇ ਕਰੀਬ ਟੀਮਾਂ ਦਾ ਗਠਨ ਕੀਤਾ ਜਾ ਚੁੱਕਿਆ ਹੈ ਪਰ ਅਜੇ ਵੀ ਪੜਤਾਲ ਅਧੂਰੀ ਹੈ।
ਕਾਂਗਰਸ ਸਰਕਾਰ ਨੇ ਇਸ ਗੋਲੀ ਕਾਂਡ ਦੀ ਪੜਤਾਲ ਲਈ ਜਾਂਚ ਟੀਮ ਦਾ ਗਠਨ ਕੀਤਾ ਸੀ ਅਤੇ ਇਸ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਤੇ ਕੁਝ ਸਿਆਸੀ ਆਗੂਆਂ ਨੂੰ ਬਹਿਬਲ ਗੋਲੀ ਕਾਂਡ ਦੀ ਸਾਜਿਸ਼ ਰਚਣ ਦਾ ਕਸੂਰਵਾਰ ਮੰਨਿਆ ਸੀ ਤੇ ਇਸ ਸਬੰਧੀ ਚਾਰਜਸ਼ੀਟ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਵੀ ਕਰ ਦਿੱਤੀ ਸੀ।