ਚੰਡੀਗੜ੍ਹ, 10 ਦਸੰਬਰ 2022 – ਅਕਾਲੀ ਆਗੂ ਜਗਮੀਤ ਬਰਾੜ ਅੱਜ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਨਹੀਂ ਹੋਏ। ਅਕਾਲੀ ਦਲ ਵਲੋਂ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ ਜਗਮੀਤ ਬਰਾੜ ਨੇ ਅੱਜ 10 ਦਸੰਬਰ ਨੂੰ ਪੇਸ਼ ਹੋਣ ਲਈ ਸਮਾਂ ਮੰਗਿਆ ਸੀ। ਜਿਸ ਨੂੰ ਅਕਾਲੀ ਦਲ ਵੱਲੋਂ ਪ੍ਰਵਾਨ ਵੀ ਕਰ ਲਿਆ ਗਿਆ ਸੀ।
ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਅੱਜ ਪਾਰਟੀ ਦੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਆਏ ਹੀ ਨਹੀਂ। ਉਧਰ ਅਕਾਲੀ ਦਲ ਦਫਤਰ ਵਿਚ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ ਤੇ ਹੋਰ ਕਮੇਟੀ ਮੈਂਬਰ ਬਰਾੜ ਨੂੰ ਉਡੀਕਦੇ ਰਹੇ।
ਮਿਲ ਰਹੀ ਜਾਣਕਾਰੀ ਅਨੁਸਾਰ ਹੁਣ ਜਗਮੀਤ ਸਿੰਘ ਬਰਾੜ ਨੇ ਅਨੁਸ਼ਾਸਨੀ ਕਮੇਟੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ’ਤੇ ਦੋ ਚਿੱਠੀਆਂ ਭੇਜ ਦਿੱਤੀਆਂ ਪਰ ਆਪ ਪੇਸ਼ ਨਹੀਂ ਹੋਏ।
ਬਰਾੜ ਨੇ 10 ਦਸੰਬਰ ਦੀ ਮੁਲਾਕਾਤ ਦਾ ਸਮਾਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਉਦੋਂ ਉਨ੍ਹਾਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਜਗਮੀਤ ਸਿੰਘ ਬਰਾੜ ਨੇ ਕਿਹਾ ਸੀ ਕਿ ਉਹ ਇੱਕ ਆਮ ਵਰਕਰ ਵਜੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਅਕਾਲੀ ਦਲ ਵਿੱਚ ਲੀਡਰਸ਼ਿਪ ਤਬਦੀਲੀ ਦੀ ਮੰਗ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ ਸੀ। ਬਰਾੜ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਉਨ੍ਹਾਂ ਨੂੰ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਦੇ ਹੁਕਮ ਦਿੱਤੇ ਹਨ। ਉਹ ਇਹ ਦਾਅਵਾ ਕਰ ਰਹੇ ਹਨ ਕਿ ਉਹ ਹਮੇਸ਼ਾ ਅਕਾਲੀ ਦਲ ਵਿਚ ਏਕੇ ਲਈ ਅਤੇ ਪਾਰਟੀ ਨੁੰ ਮਜ਼ਬੂਤ ਕਰਨ ਵਾਸਤੇ ਕੰਮ ਕਰਦੇ ਰਹਿਣਗੇ।