ਜਲੰਧਰ: 22 ਨਵੰਬਰ 2022 – ਜ਼ਿਲ੍ਹੇ ਵਿੱਚ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ 391 ਲਾਇਸੈਂਸ ਬੇਲੋੜੇ ਪਾਏ ਗਏ। ਮਾਮਲੇ ‘ਚ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਮੇਂ ਸਿਰ ਅਸਲਾ ਲਾਇਸੈਂਸ ਰੀਨਿਊ ਨਾ ਕਰਵਾਉਣ ਵਾਲੇ 438 ਲੋਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਜਿਹੜੇ ਲੋਕ ਤਸੱਲੀਬਖਸ਼ ਜਵਾਬ ਨਹੀਂ ਦਿੰਦੇ ਹਨ ਅਤੇ ਜੇਕਰ ਉਨ੍ਹਾਂ ਨੂੰ ਨੋਟਿਸ ਦਾ ਕੋਈ ਜਵਾਬ ਨਹੀਂ ਮਿਲਦਾ ਤਾਂ ਉਨ੍ਹਾਂ ਦੇ ਲਾਇਸੈਂਸ ਵੀ ਰੱਦ ਕਰ ਦਿੱਤੇ ਜਾਣਗੇ। ਡੀਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੱਤ ਹਜ਼ਾਰ ਦੇ ਕਰੀਬ ਅਸਲਾ ਲਾਇਸੈਂਸ ਧਾਰਕ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਅਸਲਾ ਲਾਇਸੈਂਸ ਲੈਣ ਵਾਲੇ ਵਿਅਕਤੀਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲੀਸ ਵਿਭਾਗ ਅਤੇ ਅਸਲਾ ਸ਼ਾਖਾ ਵੱਲੋਂ ਸਾਂਝੇ ਤੌਰ ’ਤੇ ਕੰਮ ਕੀਤਾ ਜਾ ਰਿਹਾ ਹੈ। ਕਈ ਲੋਕਾਂ ਨੇ ਬਿਨਾਂ ਲੋੜ ਤੋਂ ਹੀ ਅਸਲਾ ਲਾਇਸੈਂਸ ਹਾਸਲ ਕਰ ਲਏ ਸਨ। ਜਾਂਚ ਤੋਂ ਬਾਅਦ ਜੇ ਸਹੀ ਨਾ ਪਾਏ ਗਏ ਤਾਂ ਰੱਦ ਲੜ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਨਾਲ ਅਪਰਾਧ ਨੂੰ ਕਾਬੂ ਕਰਨ ਵਿੱਚ ਵੀ ਮਦਦ ਮਿਲੇਗੀ। ਅਸਲਾ ਲਾਇਸੈਂਸ ਧਾਰਕਾਂ ਦੀ ਸਮੀਖਿਆ ਦਾ ਦੌਰ ਜਾਰੀ ਰਹੇਗਾ। ਡੀਸੀ ਜਸਪ੍ਰੀਤ ਸਿੰਘ ਨੇ ਇੰਟਰਨੈੱਟ ਮੀਡੀਆ ਜਾਂ ਕਿਸੇ ਹੋਰ ਪਲੇਟਫਾਰਮ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਅਜਿਹੇ ‘ਚ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਹਥਿਆਰਾਂ ਦੇ ਲਾਇਸੈਂਸ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਲਈ ਵੀ ਲਾਇਸੰਸੀ ਹਥਿਆਰ ਦੀ ਵਰਤੋਂ ਕੀਤੀ ਗਈ ਸੀ। ਅਸਲਾ ਲਾਇਸੈਂਸ ਰਿਵਿਊ ਕਰਵਾਉਣ ਦਾ ਮਕਸਦ ਪੰਜਾਬ ਵਿੱਚ ਸ਼ਾਂਤੀ ਕਾਇਮ ਕਰਨਾ ਹੈ।