- ਗੰਨੇ ਦੇ ਰੇਟਾਂ ਵਿੱਚ ਵਾਧੇ ਨੂੰ ਲੈ ਕੇ ਕਿਸਾਨ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ
ਜਲੰਧਰ, 21 ਨਵੰਬਰ 2023 – ਜਲੰਧਰ ‘ਚ ਇਕ ਵਾਰ ਫਿਰ ਕਿਸਾਨ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦੇ ਰੇਟ ਵਿੱਚ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਜਲੰਧਰ-ਲੁਧਿਆਣਾ ਹਾਈਵੇਅ ’ਤੇ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਬੀਕੇਯੂ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਧਰਨਾ ਧਨੋਲੀ ਗੇਟ ਨੇੜੇ ਲਗਾਇਆ ਜਾ ਰਿਹਾ ਹੈ, ਜਿਸ ਕਾਰਨ ਜਲੰਧਰ-ਫਗਵਾੜਾ-ਲੁਧਿਆਣਾ ਮੁੱਖ ਮਾਰਗ ਪੂਰੀ ਤਰ੍ਹਾਂ ਬੰਦ ਰਹੇਗਾ।
ਇਸ ਕਾਰਨ ਹਾਈਵੇਅ ਤੋਂ ਲੰਘਣ ਵਾਲੇ ਕਈ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਜਲੰਧਰ ਕਮਿਸ਼ਨਰੇਟ ਅਤੇ ਦੇਹਟ ਪੁਲਸ ਨੇ ਸੁਰੱਖਿਆ ਲਈ ਕਰਮਚਾਰੀ ਤਾਇਨਾਤ ਕੀਤੇ ਹਨ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਜਿੰਨਾ ਚਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਇਹ ਪ੍ਰਦਰਸ਼ਨ ਵੱਖ-ਵੱਖ ਸ਼ਹਿਰਾਂ ਵਿੱਚ ਜਾਰੀ ਰਹਿਣਗੇ।