ਜਲੰਧਰ, 28 ਜੁਲਾਈ 2024 – ਜਲੰਧਰ ‘ਚ ਸਿਟੀ ਪੁਲਸ ਨੇ ਇਕ ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਕਰੀਬ 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਐਕਸ ‘ਤੇ ਦਿੱਤੀ ਹੈ। ਪੁਲੀਸ ਨੇ ਇਸ ਸਬੰਧੀ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਉਕਤ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਨ੍ਹਾਂ ਕੋਲੋਂ 1.11 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਸਾਰੇ ਮੁਲਜ਼ਮਾਂ ਦੇ ਕ੍ਰਾਈਮ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਇਸ ਮਾਮਲੇ ਵਿੱਚ ਕਰੀਬ ਤਿੰਨ ਦਿਨਾਂ ਤੋਂ ਆਗਰਾ ਵਿੱਚ ਛਾਪੇਮਾਰੀ ਜਾਰੀ ਰੱਖੀ। ਪੁਲਸ ਨੇ ਸੁਮਿਤ ਨੂੰ ਉਥੋਂ ਗ੍ਰਿਫਤਾਰ ਕਰ ਲਿਆ। ਇਹ ਮਾਮਲਾ ਚਾਰ ਲੋਕਾਂ ਖਿਲਾਫ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਮਾਮਲੇ ‘ਚ ਹੋਰਾਂ ਨੂੰ ਨਾਮਜ਼ਦ ਕੀਤਾ ਗਿਆ ਸੀ।
ਆਗਰਾ ਤੋਂ ਸੁਮਿਤ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਨੇ ਇਕ-ਇਕ ਕਰਕੇ ਕਰੀਬ 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਲਦੀ ਹੀ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਸਾਂਝੀ ਕਰਨਗੇ। ਦੱਸ ਦੇਈਏ ਕਿ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।