ਅੰਮ੍ਰਿਤਸਰ, 27 ਮਾਰਚ 2023 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਬੁਲਾਈ ਗਈ ਮੀਟਿੰਗ ਸਮਾਪਤ ਹੋ ਗਈ ਹੈ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ। ਮੀਟਿੰਗ ਤੋਂ ਬਾਅਦ ਸਾਹਮਣੇ ਆਈਆਂ ਸਿੱਖ ਜਥੇਬੰਦੀਆਂ ਨੇ ਦੱਸਿਆ ਕਿ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਬੰਦੀ ਸਿੱਖਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਵੱਡੀ ਕਾਰਵਾਈ ਹੋ ਸਕਦੀ ਹੈ। ਖਾਸ ਗੱਲ ਇਹ ਹੈ ਕਿ ਇਸ ਵਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਕਿਸੇ ਵੀ ਸਿਆਸੀ ਪਾਰਟੀ ਨੂੰ ਨਹੀਂ ਬੁਲਾਇਆ ਗਿਆ। ਇਸ ਲਈ ਸਿਰਫ਼ ਬੁੱਧੀਜੀਵੀਆਂ, ਸਿੱਖ ਧਾਰਮਿਕ ਜਥੇਬੰਦੀਆਂ ਨੂੰ ਹੀ ਸੱਦਾ ਦਿੱਤਾ ਗਿਆ ਹੈ।
ਮੀਟਿੰਗ ਤੋਂ ਬਾਅਦ ਬਾਹਰ ਆਏ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦੇਣ ‘ਤੇ ਸਹਿਮਤੀ ਬਣੀ ਹੈ ਅਤੇ ਉਸ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਸੰਦੇਸ਼ ਦਿੰਦੇ ਹੋਏ ਅਜੇ ਆਪਣਾ ਅੰਤਿਮ ਫੈਸਲਾ ਦੇਣਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦਫ਼ਤਰ ਵਿਖੇ ਹੋਈ ਮੀਟਿੰਗ ਵਿੱਚ ਜਥੇਬੰਦੀ ਨੂੰ ਬੋਲਣ ਲਈ 2-2 ਮਿੰਟ ਦਾ ਸਮਾਂ ਦਿੱਤਾ ਗਿਆ। ਇਸ ਸਮੇਂ ਸਿਰਫ ਸੁਝਾਅ ਲਏ ਗਏ। ਫਿਲਹਾਲ ਗਿਆਨੀ ਹਰਪ੍ਰੀਤ ਸਿੰਘ ਹੁਣ ਆਪਣਾ ਅੰਤਿਮ ਫੈਸਲਾ ਲੈਣ ‘ਤੇ ਵਿਚਾਰ ਕਰ ਰਹੇ ਹਨ।

ਇਸ ਮੌਕੇ ਦਿੱਲੀ ਸ਼੍ਰੋਮਣੀ ਕਮੇਟੀ ਨੂੰ ਵੀ ਸਿੰਘ ਸਾਹਿਬ ਵਲੋਂ ਸੰਦੇਸ਼ ਦਿੱਤਾ ਗਿਆ ਕਿ ਕੌਮੀ ਪੱਧਰਾਂ ਦੇ ਚੈਨਲਾਂ ਨੂੰ ਸਿੱਖਾਂ ਅਤੇ ਸਿੱਖ ਧਰਮ ਵਿਰੁੱਧ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਖ਼ਾਲਸਾ ਵਹੀਰ ਅਰੰਭਣ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਬਾਬਾ ਬਲਦੇਵ ਸਿੰਘ ਅਕਾਲੀ 96 ਕਰੋੜੀ, ਮਨਜੀਤ ਸਿੰਘ ਜੀ.ਕੇ, ਭਾਈ ਜਸਵੀਰ ਸਿੰਘ ਰੋਡੇ ਤੋਂ ਇਲਾਵਾ ਕਈ ਨਿਹੰਗ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਮੌਜੂਦ ਸਨ।
ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪੰਜਾਬ ‘ਚ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਗਈ ਅਤੇ ਸਿੱਖਾਂ ਨੂੰ ਗ੍ਰਿਫਤਾਰ ਕੀਤਾ ਗਿਆ, ਉਹ ਚਿੰਤਾ ਦਾ ਵਿਸ਼ਾ ਹੈ। ਬੁੱਧੀਜੀਵੀਆਂ, ਸਿੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਬੁਲਾਇਆ ਗਿਆ ਹੈ। ਮੀਟਿੰਗ ਵਿੱਚ ਪੰਜਾਬ ਦੀ ਹਾਲਤ ਅਤੇ ਇਸ ਨੂੰ ਸੁਧਾਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸੁਝਾਅ ਲਏ ਜਾਣਗੇ ਅਤੇ ਫਿਰ ਰੋਡਮੈਪ ਤਿਆਰ ਕੀਤਾ ਜਾਵੇਗਾ।
ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਸ ਮੀਟਿੰਗ ਵਿੱਚ ਖਾਸ ਕਰਕੇ ਸਿਆਸੀ ਪਾਰਟੀਆਂ ਨੂੰ ਸੱਦਾ ਨਹੀਂ ਦਿੱਤਾ ਗਿਆ। ਸਿਆਸੀ ਪਾਰਟੀਆਂ ਨੂੰ ਸੱਦਾ ਦੇਣ ਨਾਲ ਮੀਟਿੰਗ ਦਾ ਸਿਆਸੀਕਰਨ ਹੋ ਜਾਂਦਾ ਹੈ, ਜੋ ਕਿ ਹਾਲਾਤਾਂ ਨੂੰ ਦੇਖਦੇ ਹੋਏ ਠੀਕ ਨਹੀਂ ਹੈ। ਇਸ ਵਿੱਚ ਸਿਰਫ਼ ਧਾਰਮਿਕ ਅਤੇ ਬੁੱਧੀਜੀਵੀ ਹੀ ਆਪਣੇ ਵਿਚਾਰ ਰੱਖਣਗੇ।
ਗਿਆਨੀ ਹਰਪ੍ਰੀਤ ਸਿੰਘ ਨੇ ਦੋ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਦਾ ਸੁਝਾਅ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਆਤਮ ਸਮਰਪਣ ਕਰਕੇ ਆਪਣਾ ਪੱਖ ਪੇਸ਼ ਕਰੇ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਫੜੇ ਗਏ ਪੰਜਾਬ ਦੇ ਨੌਜਵਾਨਾਂ ਪ੍ਰਤੀ ਹਮਦਰਦੀ ਰੱਖਣ ਦੀ ਵੀ ਸਲਾਹ ਦਿੱਤੀ ਸੀ।
