ਚੰਡੀਗੜ੍ਹ, 18 ਮਾਰਚ 2022 – ਪੰਜਾਬ ਦੇ ਸਾਬਕਾ ਮੰਤਰੀ ਜਗਮੋਹਨ ਕੰਗ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਰਾਜ ਸਭਾ ਸੀਟ ਲਈ ਦਾਅਵਾ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਰਾਜਨੀਤੀ ਵਿੱਚ ਲੰਬਾ ਸਿਆਸੀ ਤਜਰਬਾ ਹੈ। ਇਹ ਰਾਜ ਸਭਾ ਮੈਂਬਰ ਲਈ ਜ਼ਰੂਰੀ ਹੈ। ਹਾਲਾਂਕਿ ਉਨ੍ਹਾਂ ਇਹ ਜ਼ਰੂਰ ਕਿਹਾ ਕਿ ਉਨ੍ਹਾਂ ਨੂੰ ਰਾਜ ਸਭਾ ਦੀ ਟਿਕਟ ਮਿਲਦੀ ਹੈ ਜਾਂ ਨਹੀਂ, ਇਸ ਦਾ ਫੈਸਲਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਇਸ ਸੰਬੰਧੀ ਕੰਗ ਜਲਦੀ ਹੀ ਉਨ੍ਹਾਂ ਨੂੰ ਮਿਲ ਸਕਦੇ ਹਨ।
ਪੰਜਾਬ ਚੋਣਾਂ ਤੋਂ ਪਹਿਲਾਂ ਟਿਕਟ ਕੱਟੇ ਜਾਣ ਤੋਂ ਬਾਅਦ ਕੰਗ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ। ਪੰਜਾਬ ਵਿੱਚ ਰਾਜ ਸਭਾ ਦੀਆਂ 5 ਸੀਟਾਂ ਖਾਲੀ ਹੋ ਰਹੀਆਂ ਹਨ। ਪੰਜਾਬ ਵਿੱਚ ਜਿੱਤੀਆਂ 92 ਸੀਟਾਂ ਦੀ ਗੱਲ ਕਰੀਏ ਤਾਂ ‘ਆਪ’ ਦੇ ਉਮੀਦਵਾਰ ਦੀ ਜਿੱਤ ਦੀ ਉਮੀਦ ਹੈ।
ਸਾਬਕਾ ਮੰਤਰੀ ਜਗਮੋਹਨ ਕੰਗ ਨੇ ਕਿਹਾ ਕਿ ਉਹ 47 ਸਾਲ ਕਾਂਗਰਸ ਵਿੱਚ ਰਹੇ। 1974 ਵਿੱਚ ਉਸ ਨੂੰ ਤਤਕਾਲੀ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਕਾਂਗਰਸ ਵਿੱਚ ਲਿਆਂਦਾ ਸੀ। ਇਸ ਤੋਂ ਬਾਅਦ ਉਹ ਕਾਂਗਰਸ ਲਈ ਕੰਮ ਕਰਦੇ ਰਹੇ।
ਪੰਜਾਬ ਚੋਣਾਂ ਵਿੱਚ ਕਾਂਗਰਸ ਦੀ ਟਿਕਟਾਂ ਦੀ ਵੰਡ ਤੋਂ ਬਾਅਦ ਹੀ ਕੰਗ ਸੁਰਖੀਆਂ ਵਿੱਚ ਆਏ ਸਨ। ਉਹ ਖਰੜ ਸੀਟ ਤੋਂ ਆਪਣੇ ਬੇਟੇ ਲਈ ਟਿਕਟ ਦੀ ਮੰਗ ਕਰ ਰਹੇ ਸਨ। ਹਾਲਾਂਕਿ ਕਾਂਗਰਸ ਨੇ ਵਿਜੇ ਟਿੰਕੂ ਨੂੰ ਦਿੱਤੀ। ਇਸ ਤੋਂ ਬਾਅਦ ਕੰਗ ਨੇ ਬਗਾਵਤ ਕਰ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੀ ਟਿਕਟ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੱਟੀ ਹੈ। ਇਸ ਤੋਂ ਬਾਅਦ ਉਨ੍ਹਾਂ ਚੰਨੀ ਨੂੰ ਚਮਕੌਰ ਸਾਹਿਬ ਤੋਂ ਹਰਾਉਣ ਦਾ ਐਲਾਨ ਕੀਤਾ। ਜਦੋਂ ਵੋਟਾਂ ਦੀ ਗਿਣਤੀ ਹੋਈ ਤਾਂ ਚੰਨੀ ਚਮਕੌਰ ਸਾਹਿਬ ਸੀਟ ਹਾਰ ਗਏ।