ਕਟਾਰੂਚੱਕ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

  • ਪੰਜਾਬ ਦੀਆਂ ਅਨਾਜ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤਿਆਰ: ਲਾਲ ਚੰਦ ਕਟਾਰੂਚੱਕ
  • ਕਣਕ ਦੀ ਬੰਪਰ ਫ਼ਸਲ ਦੀ ਸੰਭਾਵਨਾ ਦੇ ਚਲਦਿਆਂ 124 ਲੱਖ ਮੀਟਰਿਕ ਟਨ ਖਰੀਦ ਦਾ ਟੀਚਾ ਮਿਥਿਆ, 1864 ਖਰੀਦ ਕੇਂਦਰ ਸਥਾਪਤ, 600 ਆਰਜ਼ੀ ਮੰਡੀਆਂ ਦਾ ਵੀ ਕੀਤਾ ਪ੍ਰਬੰਧ

ਸੰਗਰੂਰ, 9 ਅਪ੍ਰੈਲ, 2025: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਜ਼ਿਲ੍ਹੇ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾ ਜਿਵੇਂ ਪੀਣ ਵਾਲੇ ਪਾਣੀ, ਸਾਫ਼ ਸਫਾਈ, ਰੌਸ਼ਨੀ ਪ੍ਰਬੰਧਾਂ, ਗੁਸਲਖਾਨਿਆਂ ਦੀ ਸਫਾਈ ਆਦਿ ਸਬੰਧੀ ਵਧੀਆ ਫੀਡਬੈਕ ਮਿਲੀ ਹੈ ਅਤੇ ਇਸ ਵਾਰ ਵੀ ਕਣਕ ਦੀ ਖਰੀਦ ਦਾ ਸੀਜ਼ਨ ਸ਼ਾਨਦਾਰ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਕਣਕ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟਰਿਕ ਟਨ ਕਣਕ ਖਰੀਦਣ ਦਾ ਟੀਚਾ ਮਿਥਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਨੇ 28 ਹਜ਼ਾਰ 894 ਕਰੋੜ ਰੁਪਏ ਦੀ ਕੈਸ਼ ਕੈ੍ਰਡਿਟ ਲਿਮਟ (ਸੀਸੀਐਲ) ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ 8 ਲੱਖ ਦੇ ਕਰੀਬ ਕਿਸਾਨ ਆਪਣੀ ਜਿਣਸ ਲੈ ਕੇ ਆਉਣਗੇ ਜਿਸ ਦੇ ਸਨਮੁੱਖ 1864 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਇਸ ਤੋਂ ਇਲਾਵਾ 600 ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਨ੍ਹਾਂ ਦੀ ਲੋੜ ਅਨੁਸਾਰ ਵਰਤੋਂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਵਿਸਾਖੀ ਨੇੜੇ ਭਰਪੂਰ ਫਸਲ ਆਉਣੀ ਸ਼ਰੂ ਹੋ ਜਾਵੇਗੀ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਣਕ ਦੇ ਹਰੇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਉਣ ਅਤੇ 24 ਘੰਟਿਆਂ ਅੰਦਰ ਅਦਾਇਗੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ, ਬਠਿੰਡਾ, ਮਾਨਸਾ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲਿ੍ਹਆਂ ਦੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ, ਫੂਡ ਸਪਲਾਈ ਅਫ਼ਸਰਾਂ, ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਤੋਂ ਛੁੱਟੀ ਨਹੀਂ ਲੈਣਗੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਨਵਰੀਤ ਸਿੰਘ ਵਿਰਕ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਡਿਪਟੀ ਡਾਇਰੈਕਟਰ ਫੂਡ ਤੇ ਸਿਵਲ ਸਪਲਾਈ ਪਟਿਆਲਾ, ਫਰੀਦਕੋਟ ਤੇ ਫਿਰੋਜ਼ਪੁਰ ਡਵੀਜ਼ਨ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ – ਜੌੜਾਮਾਜਰਾ

ਬਾਬਾ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ