— ਈਡੀ ਨੇ ਭਾਜਪਾ ਦੇ ਇਸ਼ਾਰੇ ਤੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਗੈਰ ਜਮਹੂਰੀ ਢੰਗ ਨਾਲ ਕੀਤਾ ਗ੍ਰਿਫਤਾਰ
— ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਖਿਲਾਫ ਗੈਰ ਕਾਨੂੰਨੀ ਢੰਗ ਨਾਲ ਕਾਰਵਾਈ ਕਰਨਾ ਨਿੰਦਣਯੋਗ
— ਭਾਜਪਾ ਦੀ ਗੈਰ ਜਮਹੂਰੀ ਗਤੀਵਿਧੀਆਂ ਦਾ ਲੋਕ ਸਭਾ ਚੋਣਾਂ ਵਿੱਚ ਦੇਸ਼ ਦੇ ਲੋਕ ਦੇਣਗੇ ਮੋੜਵਾਂ ਜਵਾਬ
ਚੰਡੀਗੜ੍ਹ, 22 ਮਾਰਚ, 2024 – ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗੈਰ ਜਮਹੂਰੀ ਢੰਗ ਨਾਲ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਖਿਲਾਫ ਵੱਖ-ਵੱਖ ਥਾਵਾਂ ਤੇ ਮੁਜਾਹਰਾ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਗੈਰ ਕਾਨੂੰਨੀ ਕਾਰਵਾਈ ਦੀ ਸਖ਼ਤ ਸਬਦਾਂ ਵਿੱਚ ਨਿਖੇਦੀ ਕੀਤੀ ਹੈ। ਸ. ਬਰਸਟ ਨੇ ਕਿਹਾ ਕਿ ਭਾਜਪਾ ਨੂੰ ਦੁਬਾਰਾ ਸੱਤਾ ਵਿੱਚ ਆਉਣ ਤੋਂ ਸਿਰਫ ਆਮ ਆਦਮੀ ਪਾਰਟੀ ਹੀ ਰੋਕ ਸਕਦੀ ਹੈ, ਜੋ ਦਿਨ-ਰਾਤ ਇੱਕ ਕਰਕੇ ਲੋਕ ਸੇਵਾ ਵਿੱਚ ਲੱਗੀ ਹੋਈ ਹੈ। ‘ਆਪ’ ਦੀਆਂ ਲੋਕ ਹਿਤੇਸ਼ੀ ਗਤੀਵਿਧੀਆਂ ਕਰਕੇ ਭਾਜਪਾ ਨੂੰ ਦੇਸ਼ ਵਿੱਚੋਂ ਸੱਤਾ ਦੇ ਖੁਸਣ ਦਾ ਡਰ ਸਤਾ ਰਿਹਾ ਹੈ। ਇਸੇ ਕਰਕੇ ਭਾਜਪਾ ਦੇ ਇਸ਼ਾਰੇ ਤੇ ਈਡੀ ਵੱਲੋਂ ਗੈਰ ਜਮਹੂਰੀ ਢੰਗ ਨਾਲ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਦੇ ਹੋਏ ਲਗਾਤਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਹੈ। ਇਸੇ ਤਹਿਤ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਭਾਜਪਾ ਦੇ ਇਸ਼ਾਰੇ ਤੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਨੂੰ ਪਿਛਲੇ ਕਈ ਮਹੀਨਿਆਂ ਤੋਂ ਜੇਲ ਵਿੱਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ। ਭਾਜਪਾ ਵਾਲੇ ਭੁੱਲ ਜਾਂਦੇ ਹਨ ਕਿ ਅਸੀਂ ਇੱਕ ਅੰਦੋਲਨ ਵਿੱਚੋਂ ਪੈਦਾ ਹੋਏ ਹਾਂ। ਉਹ ਸਾਨੂੰ ਡਰਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਸਾਨੂੰ ਰੋਕ ਨਹੀਂ ਸਕਦੇ ਅਤੇ ਨਾ ਹੀ ਸਾਡੀ ਸੋਚ ਨੂੰ ਦਬਾ ਸਕਦੇ ਹਨ, ਜਿਸ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਲੋਕਾਂ ਦੀ ਸੇਵਾ ਕਰਨਾ ਹੈ। ਸ. ਬਰਸਟ ਨੇ ਕਿਹਾ ਕਿ ਅਸੀਂ ਭਾਜਪਾ ਦੀ ਹਰ ਧੱਕੇਸ਼ਾਹੀ ਦਾ ਡੱਟ ਕੇ ਸਾਹਮਣਾ ਕਰਾਂਗੇ।
ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤ ਵਿੱਚ ਵੱਧ ਚੜ੍ਹ ਕੇ ਕੰਮ ਕੀਤਾ ਜਾ ਰਿਹਾ ਹੈ। ਭਾਜਪਾ ਦੀਆਂ ਲੋਕਤੰਤਰ ਵਿਰੋਧੀ ਗਤੀਵਿਧੀਆਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਨਹੀਂ ਰੋਕ ਸਕਦੀਆਂ। ਅੱਜ ਆਮ ਆਦਮੀ ਪਾਰਟੀ ਦਾ ਹਰੇਕ ਆਗੂ ਅਤੇ ਦੇਸ਼ ਦੇ ਲੋਕ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜੇ ਹਨ ਜੋ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾ ਕੇ ਮੋੜਵਾਂ ਜਵਾਬ ਦੇਣਗੇ।
ਉਨ੍ਹਾਂ ਕਿਹਾ ਕਿ ਭਾਜਪਾ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਇਨ੍ਹਾਂ ਡਰ ਗਈ ਹੈ ਕਿ ਉਹਨਾਂ ਦੇ ਪੱਖ ਵਿੱਚ ਦਿੱਲੀ ਅਤੇ ਚੰਡੀਗੜ੍ਹ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਗੈਰ ਕਾਨੂੰਨੀ ਕਾਰਵਾਈ ਕਰਦੇ ਹੋਏ ਜਿੱਥੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ, ਉੱਥੇ ਹੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਗਿਆ। ਉਨ੍ਹਾਂ ਕਿਹਾ ਭਾਜਪਾ ਦਾ ਲੋਕ ਵਿਰੋਧੀ ਚਹਿਰਾ ਲੋਕਾਂ ਸਾਹਮਣੇ ਆ ਚੁੱਕਾ ਹੈ ਅਤੇ ਬੀਜੇਪੀ ਆਪਣਾ ਅਧਾਰ ਖਤਮ ਕਰ ਚੁੱਕੀ ਹੈ।