ਚੰਡੀਗੜ੍ਹ, 2 ਸਤੰਬਰ 2025 – ਪੰਜਾਬ ਇਸ ਵੇਲੇ ਹੜ੍ਹਾਂ ਦੀ ਭਿਆਨਕ ਮਾਰ ਝੱਲ ਰਿਹਾ ਹੈ। ਭਾਰੀ ਮੀਂਹ ਕਾਰਨ ਦਰਿਆ ਤੇ ਨਦੀਆਂ ਓਵਰਫਲੋ ਹੋਣ ਨਾਲ ਕਈ ਜ਼ਿਲ੍ਹਿਆਂ ਵਿੱਚ ਪਾਣੀ ਘਰਾਂ, ਖੇਤਾਂ ਤੇ ਸੜਕਾਂ ਵਿੱਚ ਦਾਖ਼ਲ ਹੋ ਗਿਆ ਹੈ। ਹਜ਼ਾਰਾਂ ਲੋਕ ਬੇਘਰ ਹੋ ਚੁੱਕੇ ਹਨ, ਫਸਲਾਂ ਤਬਾਹ ਹੋ ਰਹੀਆਂ ਹਨ ਅਤੇ ਆਵਾਜਾਈ ਠੱਪ ਹੋ ਚੁੱਕੀ ਹੈ। ਰਾਹਤ ਤੇ ਬਚਾਅ ਟੀਮਾਂ ਲਗਾਤਾਰ ਮੈਦਾਨ ਵਿੱਚ ਡਟੀਆਂ ਹੋਈਆਂ ਹਨ, ਪਰ ਸਥਿਤੀ ਹਾਲੇ ਵੀ ਚਿੰਤਾਜਨਕ ਬਣੀ ਹੋਈ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ (AAP) ਨੇ ਪੰਜਾਬ ਲਈ ਵੱਡਾ ਐਲਾਨ ਕੀਤਾ ਹੈ। ਇਸ ਸਬੰਧੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰ ਕੇ ਐਲਾਨ ਕੀਤਾ ਹੈ ਕਿ ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਇਕੱਠੀ ਕਰਨ ਲਈ ਘਰ-ਘਰ ਜਾਣਗੇ। ਇਹ ਸਮੱਗਰੀ ਪੰਜਾਬ ‘ਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾਵੇਗੀ।
ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਮੁਸੀਬਤ ਦੀ ਇਸ ਘੜੀ ‘ਚ ਪੰਜਾਬ ਦੇ ਭਰਾ-ਭੈਣਾਂ ਦਾ ਸਾਥ ਦੇਣਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। ਆਪ ਦੇ ਨੇਤਾਵਾਂ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਡੇ ਮਨ ਨਾਲ ਅੱਗੇ ਆਉਣ ਅਤੇ ਬਚਾਅ ਸਮੱਗਰੀ, ਖਾਣ-ਪੀਣ ਦੀਆਂ ਚੀਜ਼ਾਂ, ਕੱਪੜੇ ਤੇ ਹੋਰ ਲੋੜੀਂਦੀਆਂ ਵਸਤਾਂ ਦਾਨ ਕਰਨ। ਪਾਰਟੀ ਵਰਕਰ ਇਕੱਠੀ ਕੀਤੀ ਸਮੱਗਰੀ ਨੂੰ ਸਿੱਧੇ ਹੜ੍ਹ ਪੀੜਤ ਇਲਾਕਿਆਂ ਤੱਕ ਭੇਜਣਗੇ।

