ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ

  • ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦ
  • ਪੰਜਾਬ ਸਰਕਾਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦਾ ਭਰੋਸਾ

ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ 2025 – ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਲਈ ਢੁੱਕਵਾਂ ਮਾਹੌਲ ਸਿਰਜਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।

ਮੰਤਰੀ ਸੌਂਦ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਹ ਇਤਿਹਾਸਕ ਖੇਡਾਂ ਕਰਵਾਉਣ ਲਈ 75 ਲੱਖ ਰੁਪਏ ਦਾ ਬਜਟ ਰੱਖਿਆ ਹੈ, ਜਿਸ ਨਾਲ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਨੂੰ ਕਾਫ਼ੀ ਲਾਭ ਮਿਲੇਗਾ।

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਮਾਗਮ ਸੂਬੇ ਭਰ ਵਿੱਚ ਖੇਡ ਸੱਭਿਆਚਾਰ ਸਥਾਪਤ ਕਰਨ ਵਿੱਚ ਸਕਾਰਾਤਮਕ ਯੋਗਦਾਨ ਪਾਵੇਗਾ, ਜਿਸ ਨਾਲ ਸੂਬੇ ਦੇ ਹਰ ਕੋਨੇ ਤੋਂ ਪ੍ਰਤਿਭਾ ਉਭਰ ਕੇ ਸਾਹਮਣੇ ਆਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਓਲੰਪਿਕ ਅਤੇ ਹੋਰ ਕੌਮਾਂਤਰੀ ਮੁਕਾਬਲਿਆਂ ਵਿੱਚ ਤਗਮੇ ਹਾਸਲ ਕਰਨ ਵਾਲੇ ਐਥਲੀਟਾਂ ਨੂੰ ਦਿੱਤੇ ਜਾਂਦੇ ਨਕਦ ਇਨਾਮਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਰਵਾਈਆਂ ਜਾ ਰਹੀਆਂ “ਖੇਡਾ ਵਤਨ ਪੰਜਾਬ ਦੀਆਂ” ਦੇ ਸਲਾਨਾ ਸਮਾਗਮ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਪ੍ਰਸਿੱਧ ਪੇਂਡੂ ਓਲੰਪਿਕ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਦੌੜਾਂ ਇੱਕ ਮਸ਼ਹੂਰ ਖੇਡ ਰਹੀ ਹੈ ਅਤੇ ਇਹਨਾਂ ਖੇਡਾਂ ਵਿੱਚ ਇਹ ਦੌੜ ਖਿੱਚ ਦਾ ਕੇਂਦਰ ਰਹੀ ਹੈ। ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਇਸ ਮੰਤਵ ਲਈ ਮੁੱਖ ਮੰਤਰੀ ਤੋਂ ਸਮਰਥਨ ਦੀ ਬੇਨਤੀ ਵੀ ਕੀਤੀ ਹੈ।

ਸੌਂਦ ਨੇ ਖੇਡ ਪ੍ਰੇਮੀਆਂ ਨੂੰ ਇਸ ਸ਼ਾਨਦਾਰ ਸਮਾਗਮ ਦਾ ਆਨੰਦ ਲੈਣ ਲਈ ਸਟੇਡੀਅਮ ਵਿੱਚ ਇਕੱਠੇ ਹੋਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੇਂਡੂ ਓਲੰਪਿਕ ਖੇਡਾਂ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਹਰ ਵਰਗ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਹੁਨਰ ਦਿਖਾਉਣ ਲਈ ਇੱਕ ਮੰਚ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਸਮਾਗਮ ਅਤੇ ਇਸ ਦੇ ਭਾਗੀਦਾਰਾਂ ਲਈ ਢੁਕਵੇਂ ਪ੍ਰਬੰਧ ਕਰਨ ਵਾਸਤੇ ਸ਼ਲਾਘਾ ਕੀਤੀ।

ਇਹਨਾਂ ਖੇਡਾਂ ਦੇ ਪਹਿਲੇ ਦਿਨ ਹਰ ਉਮਰ ਵਰਗ ਦੇ ਐਥਲੀਟਾਂ ਨੇ ਦਸ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ, ਜਿਨ੍ਹਾਂ ਵਿੱਚ ਪੁਰਸ਼ਾਂ ਅਤੇ ਔਰਤਾਂ ਦੇ ਹਾਕੀ ਮੈਚ, 14 ਸਾਲ ਵਰਗ ਅਤੇ 17 ਸਾਲ ਵਰਗ ਦੀਆਂ ਲੜਕੀਆਂ ਲਈ ਕਬੱਡੀ (ਨੈਸ਼ਨਲ ਸਟਾਇਲ) ਈਵੈਂਟ, ਲੜਕੇ ਅਤੇ ਲੜਕੀਆਂ ਲਈ 60 ਮੀਟਰ ਅਤੇ 100 ਮੀਟਰ ਦੌੜ, ਪੁਰਸ਼ਾਂ ਅਤੇ ਔਰਤਾਂ ਲਈ 1500 ਮੀਟਰ ਦੌੜ, 400 ਮੀਟਰ ਦੌੜ ਹੀਟ ਅਤੇ ਫਾਈਨਲ, ਖੋ-ਖੋ ਮੈਚ, ਪੁਰਸ਼ਾਂ ਲਈ ਵਾਲੀਬਾਲ, ਸ਼ੂਟਿੰਗ ਈਵੈਂਟ ਅਤੇ ਹੋਰ ਵੱਖ-ਵੱਖ ਰਵਾਇਤੀ ਪੇਂਡੂ ਖੇਡਾਂ ਸ਼ਾਮਲ ਸਨ।

ਇਸ ਤੋਂ ਪਹਿਲਾਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਹੋਰ ਸਿਵਲ ਅਧਿਕਾਰੀਆਂ ਨੇ ਸਟੇਡੀਅਮ ਵਿੱਚ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।

ਇਸ ਸਮਾਗਮ ਵਿੱਚ ਅੱਜ ਸ਼ਾਮ ਨੂੰ ਉੱਘੇ ਪੰਜਾਬੀ ਗਾਇਕ ਪ੍ਰੀਤ ਹਰਪਾਲ ਵੱਲੋਂ ਰੰਗ ਬੰਨ੍ਹਿਆ ਜਾਵੇਗਾ। ਇਸ ਤੋਂ ਬਾਅਦ 1 ਫਰਵਰੀ ਨੂੰ ਗਾਇਕ ਵਿਰਾਸਤ ਸੰਧੂ ਅਤੇ 2 ਫਰਵਰੀ ਨੂੰ ਕੁਲਵਿੰਦਰ ਬਿੱਲਾ ਵੱਲੋਂ ਸੰਗੀਤਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ਦਿਹਾਤੀ ਪੁਲਿਸ ਵਲੋਂ 24 ਘੰਟਿਆਂ ‘ਚ ਹਾਈਵੇਅ ਡਕੈਤੀ ਮਾਮਲਾ ਬੇਨਕਾਬ, 2 ਗ੍ਰਿਫ਼ਤਾਰ

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਨਿਆਂਇਕ ਜਾਂਚ ਹੋਵੇ: ਅਕਾਲੀ ਦਲ