- ਮੁੱਖ ਮਹਿਮਾਨ ਨੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ
ਰੂਪਨਗਰ, 26 ਜਨਵਰੀ 2024: 75ਵੇਂ ਗਣਤੰਤਰ ਦਿਵਸ ਮੌਕੇ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ।
ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ।
ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ। ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਇਲਾਕਾਈ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।
ਅਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਕੌਮੀ ਆਜ਼ਾਦੀ ਦੀ ਲਹਿਰ ਵਿੱਚ 80 ਫੀਸਦੀ ਕੁਰਬਾਨੀਆਂ ਇਕੱਲੇ ਪੰਜਾਬੀਆਂ ਨੇ ਦਿੱਤੀਆਂ ਹਨ। ਸੰਧਵਾਂ ਨੇ ਕਿਹਾ ਕਿ ਜਿਸ ਰੰਗਲੇ ਪੰਜਾਬ ਦਾ ਸੁਪਨਾ ਸਾਡੇ ਸ਼ਹੀਦਾਂ ਨੇ ਦੇਖਿਆ ਸੀ, ਉਸ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਤੋਂ ਇਲਾਵਾ, ਸਰਕਾਰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਾਤਾਵਰਣ, ਉਦਯੋਗਿਕ ਅਤੇ ਹੋਰ ਪ੍ਰਮੁੱਖ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਲੋਕਾਂ ਨੂੰ ਸਪੱਸ਼ਟ ਸੱਦਾ ਦਿੰਦਿਆਂ ਸਪੀਕਰ ਨੇ ਉਨ੍ਹਾਂ ਨੂੰ ਦੇਸ਼ ਲਈ ਆਪਣਾ ਪਿਆਰ ਨਿਛਾਵਰ ਕਰਨ ਵਾਲੇ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਜੋਸ਼ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਰਾਜ ਅਤੇ ਦੇਸ਼ ਪ੍ਰਤੀ ਫਰਜ਼ਾਂ ਵੱਲ ਧਿਆਨ ਦੇਣ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡਾ ਸੁਧਾਰ ਕਰਦਿਆਂ ਸੂਬੇ ਵਿਚ 117 ਆਫ਼ ਐਮੀਨੈਂਸ ਬਣਾਉਣ ਦੀ ਸ਼ੁਰੂਆਤ ਕੀਤੀ ਹੈ ਜਿਸ ਅਧੀਨ ਰੂਪਨਗਰ ਜ਼ਿਲ੍ਹੇ ਦੇ 5 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ ਅਤੇ ਸੂਬੇ ਦੀ ਉਚੇਰੀ ਸਿੱਖਿਆ ਸੰਸਥਾਵਾਂ ਵਿਚ 58 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਨੈੱਟ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦੇ ਕੇ ਇਤਿਹਾਸ ਸਿਰਜਿਆ ਹੈ।
ਇਸ ਮੌਕੇ ਡੀ.ਐਸ.ਪੀ. ਸ. ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਤੋਂ ਬਾਅਦ ਸਪੀਕਰ ਸਾਹਿਬ ਵਲੋਂ ਡਿਊਟੀ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਦੀ ਸਨਮਾਨ ਵੀ ਕੀਤਾ ਗਿਆ।
ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਇਸ ਮੌਕੇ ਮੁੱਖ ਮਹਿਮਾਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ ਜਿਸ ਉਪਰੰਤ ਖੇਡ ਵਿਭਾਗ ਵਲੋਂ ਨਹਿਰੂ ਸਟੇਡੀਅਮ ਵਿਖੇ ਰਿਲੇਅ ਰੇਸ ਵੀ ਕਰਵਾਈ ਗਈ।
ਇਸ ਮੌਕੇ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਏ.ਡੀ.ਜੀ.ਪੀ. ਸ਼੍ਰੀ. ਰਾਮ ਸਿੰਘ, ਰੂਪਨਗਰ ਮੰਡਲ ਦੇ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਪਾਲ ਸਿੰਘ ਸੋਮਲ, ਸਹਾਇਕ ਕਮਿਸ਼ਨਰ (ਯੂ.ਡੀ) ਸ਼ੁਭੀ ਆਂਗਰਾ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਨਵਦੀਪ ਭੋਗਲ, ਐਸਪੀ (ਹੈੱਡਕੁਆਟਰ) ਸ. ਰਾਜਪਾਲ ਸਿੰਘ ਹੁੰਦਲ, ਐਸਡੀਐਮ ਰੂਪਨਗਰ ਸ਼੍ਰੀਮਤੀ ਹਰਕੀਰਤ ਕੌਰ, ਤਹਿਸੀਲਦਾਰ ਸ. ਅਰਜਨ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਮਨੂ ਵਿੱਜ, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।