ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ

  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਗੁਰਦਾਸਪੁਰ, 15 ਅਗਸਤ 2024 – ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਅੱਜ 78ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂ ਚੱਕ ਵੱਲੋਂ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਹੋਰਨਾਂ ਸ਼ਖ਼ਸੀਅਤਾਂ ਸਮੇਤ ਸ਼ਹੀਦ ਨਵਦੀਪ ਸਿੰਘ ਦੇ ਬੁੱਤ ਅਤੇ ਸਟੇਡੀਅਮ ਵਿੱਚ ਬਣੀ ਸ਼ਹੀਦੀ ਗੈਲਰੀ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰਦਾਸਪੁਰ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਦਕਾ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉੱਥੇ ਨਾਲ ਹੀ ਫ਼ੈਸਲਾ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁਹਾਲੀ ਕੌਮਾਂਤਰੀ ਏਅਰ ਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਹੈ, ਜਿੱਥੇ ਸਰਕਾਰ ਸ਼ਹੀਦ-ਏ-ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਪੰਜਾਬ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਪ੍ਰਤੀ ਆਪਣੇ ਸਤਿਕਾਰ ਦੇ ਸਨਮੁੱਖ ਸੂਬੇ ਦੇ ਮੌਜੂਦਾ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਨੂੰ 9400 ਤੋਂ ਵਧਾ ਕੇ 11,000 ਰੁਪਏ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਪਿਛਲੇ ਕਰੀਬ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਪਿਛਲੇ 28 ਮਹੀਨਿਆਂ ਦੌਰਾਨ ਸੂਬੇ ਵਿੱਚ 4208 ਪਲੇਸਮੈਂਟ ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ 2 ਲੱਖ 38 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਪ੍ਰਾਈਵੇਟ ਖੇਤਰ ਵਿੱਚ ਪਲੇਸਮੈਂਟ ਦੇ ਮੌਕੇ ਪ੍ਰਦਾਨ ਕੀਤੇ ਗਏ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਾਰਚ 2022 ਤੋਂ ਲੈ ਕੇ ਹੁਣ ਤੱਕ 78 ਹਜ਼ਾਰ 263 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਰੋਜ਼ਗਾਰ ਦੇ 2 ਲੱਖ 51 ਹਜ਼ਾਰ ਤੋਂ ਵੱਧ ਸਿੱਧੇ ਅਤੇ 1 ਲੱਖ 23 ਹਜ਼ਾਰ ਤੋਂ ਵੱਧ ਅਸਿੱਧੇ ਮੌਕੇ ਪੈਦਾ ਹੋਣਗੇ।

ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਵਚਨਬੱਧ ਹੈ। ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਅਤੇ ਇਨਾਮਾਂ ਨਾਲ ਨਿਵਾਜਿਆ ਜਾ ਰਿਹਾ ਹੈ। 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐੱਸ. ਅਤੇ ਡੀ.ਐੱਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਪਿਛਲੇ ਦੋ ਸਾਲਾਂ ਵਿੱਚ 24 ਹਜ਼ਾਰ 164 ਖਿਡਾਰੀਆਂ ਨੂੰ 75 ਕਰੋੜ ਰੁਪਏ ਦੀ ਨਗਦ ਇਨਾਮ ਰਾਸ਼ੀ ਵੰਡੀ ਗਈ।
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਉਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਆਈ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਨੇ ਇਕ-ਇਕ ਕਰੋੜ ਰੁਪਏ ਦੇ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ। ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 842 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ‘ਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਲੈਬ ਟੈੱਸਟ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਕਰੀਬ 1 ਕਰੋੜ 70 ਲੱਖ ਲੋਕ ਇਲਾਜ ਦੀ ਸਹੂਲਤ ਲੈ ਚੁੱਕੇ ਹਨ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਮਾਨ ਸਰਕਾਰ ਨੇ ਸੂਬੇ ਵਿੱਚ 118 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਾਸੀਆਂ ਨੂੰ ਉਨ੍ਹਾਂ ਦੇ ਦਰਾਂ ਉੱਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਹੁਣ ਨਾਗਰਿਕ ਕਿਸੇ ਵੀ ਸਰਕਾਰੀ ਦਫ਼ਤਰ ਦੇ ਚੱਕਰ ਲਗਾਉਣ ਦੀ ਬਜਾਏ ਆਪਣੇ ਘਰ ਬੈਠੇ ਹੀ 1076 ਉੱਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਸੇਵਾ ਹਾਸਲ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨਹਿਰੀ ਟੇਲਾਂ ਉੱਤੇ ਪੈਂਦੇ ਖੇਤਾਂ ਨੂੰ ਦਹਾਕਿਆਂ ਬਾਅਦ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਵੱਖ-ਵੱਖ ਸੜਕਾਂ ਤੋਂ 18 ਟੋਲ-ਪਲਾਜ਼ੇ ਬੰਦ ਕੀਤੇ ਗਏ, ਜਿਸ ਨਾਲ ਆਮ ਜਨਤਾ ਨੂੰ ਰੋਜ਼ਾਨਾ ਲਗਭਗ 61.67 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਨੂੰ ਜਾਰੀ ਰੱਖਦਿਆਂ ਮਾਰਚ 2022 ਤੋਂ 15 ਜੁਲਾਈ, 2024 ਤੱਕ ਸੂਬੇ ਦੀਆਂ ਔਰਤਾਂ ਨੇ ਕੁੱਲ 32 ਕਰੋੜ 46 ਲੱਖ ਵਾਰ ਮੁਫ਼ਤ ਸਫ਼ਰ ਕੀਤਾ, ਜਿਸ ਉੱਤੇ ਸਰਕਾਰ ਨੇ 1548 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚ ਕੀਤੀ ਹੈ। ਇਸ ਨਾਲ ਹੀ ਮਾਨ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਯੋਗ ਵਾਰਸਾਂ ਨੂੰ ਵੀ ਮੁਫ਼ਤ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਚਲਾਈ ਜਾ ਰਹੀ ਹੈ।
ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੀਜ਼ਨ ਦੌਰਾਨ ਰਾਜ ਦੀਆਂ ਮੰਡੀਆਂ ਵਿੱਚ 132.05 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ ਸਮੂਹ ਖ਼ਰੀਦ ਏਜੰਸੀਆਂ ਸਮੇਤ ਐਫ.ਸੀ.ਆਈ ਵੱਲੋਂ 124.56 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਕੇਂਦਰੀ ਭੰਡਾਰ ਲਈ ਕੀਤੀ ਗਈ ਅਤੇ ਪ੍ਰਾਈਵੇਟ ਵਪਾਰੀਆਂ ਦੁਆਰਾ ਕੇਵਲ 7.49 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਸ ਤਰ੍ਹਾਂ ਰਾਜ ਵੱਲੋਂ ਕੇਂਦਰੀ ਪੂਲ ਵਿੱਚ ਕਰੀਬ 50%ਕਣਕ ਦਾ ਯੋਗਦਾਨ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ 8 ਲੱਖ ਦੇ ਕਰੀਬ ਕਿਸਾਨਾਂ ਦੇ ਖਾਤੇ ਵਿੱਚ ਸਿੱਧੇ ਤੌਰ ਉੱਤੇ 28334.15 ਕਰੋੜ ਐਮ.ਐੱਸ.ਪੀ ਦੀ ਰਾਸ਼ੀ ਬੈਂਕ ਖਾਤਿਆਂ ਵਿੱਚ ਟਰਾਂਸਫ਼ਰ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਜੰਗਲਾਤ ਹੇਠਲਾ ਰਕਬਾ ਵਧਾਉਣ ਲਈ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ, ਜਲ ਘਰਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਟਿਊਬਵੈੱਲਾਂ, ਫ਼ੈਕਟਰੀਆਂ, ਪਾਰਕਾਂ, ਸ਼ਹਿਰਾਂ ਅਤੇ ਪਿੰਡਾਂ ਦੀ ਹਰ ਉਸ ਜਗ੍ਹਾ ਉੱਤੇ ਦਰੱਖਤ ਲਗਾਉਣ ਦੀ ਯੋਜਨਾ ਉਲੀਕੀ ਹੈ। ਇਸ ਦੇ ਸਿੱਟੇ ਵਜੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਹਰ ਹਲਕੇ ਵਿੱਚ ਵਿਧਾਇਕਾਂ ਦੇ ਸਹਿਯੋਗ ਨਾਲ ਵਿਭਾਗ ਵੱਲੋਂ 50000 ਰੁੱਖ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਦੀਨਾਨਗਰ ਵਿਖੇ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਰਾਜ ਸਰਕਾਰ ਵੱਲੋਂ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 14.92 ਕਰੋੜ ਰੁਪਏ ਦੀ ਲਾਗਤ ਨਾਲ 6 ਏਕੜ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਬੱਸ ਸਟੈਂਡ ਦੀ ਉਸਾਰੀ ਕੀਤੀ ਗਈ ਹੈ। ਇਸ ਬੱਸ ਸਟੈਂਡ ਦਾ ਨਾਮ ‘ਬਾਬਾ ਬੰਦਾ ਸਿੰਘ ਬਹਾਦਰ ਇੰਟਰ ਸਟੇਟ ਬੱਸ ਟਰਮੀਨਲ’ ਰੱਖਿਆ ਗਿਆ ਹੈ। ਇਹ ਨਵਾਂ ਬੱਸ ਅੱਡਾ ਸ਼ੁਰੂ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੀ ਹੈ।

ਇਸੇ ਤਰ੍ਹਾਂ ਹੀ ਗੁਰਦਾਸਪੁਰ ਸ਼ਹਿਰ ਵਿੱਚ ਟਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 21 ਕਰੋੜ ਰੁਪਏ ਦੀ ਲਾਗਤ ਨਾਲ ਤਿੱਬੜੀ ਰੋਡ ‘ਤੇ ਅੰਡਰ ਰੇਲਵੇ ਬਰਿੱਜ ਤਿਆਰ ਕਰਕੇ ਲੋਕ ਅਰਪਣ ਕੀਤਾ ਗਿਆ ਹੈ। ਇਸ ਅੰਡਰ ਬਰਿੱਜ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਰੇਲਵੇ ਫਾਟਕ ‘ਤੇ ਲੱਗਦੇ ਜਾਮ ਤੋਂ ਨਿਜਾਤ ਮਿਲੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖ਼ੁਸ਼ਹਾਲ ਅਤੇ ਵਿਕਸਿਤ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਹੋ ਰਹੇ ਹਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸਟੇਡੀਅਮ ਵਿਖੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਵੀ ਉਨ੍ਹਾਂ ਦੇ ਨਾਲ ਸਨ। ਡੀ.ਐੱਸ.ਪੀ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਾਟੂਨ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ ਦੀਆਂ ਟੁਕੜੀਆਂ ਅਤੇ ਪੰਜਾਬ ਪੁਲਿਸ ਬੈਂਡ ਟੀਮ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਵੱਲੋਂ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਦਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਲੋੜਵੰਦ ਵਿਅਕਤੀਆਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਤਰਫ਼ੋਂ ਮੁਹੱਈਆ ਕਰਵਾਏ ਗਏ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।

ਅਜ਼ਾਦੀ ਸਮਾਗਮ ਦੌਰਾਨ ਬਾਰਸ਼ ਆਉਣ ਕਾਰਨ ਭਾਵੇਂ ਸਭਿਆਚਾਰਕ ਪ੍ਰੋਗਰਾਮ ਤਾਂ ਨਹੀਂ ਹੋ ਸਕਿਆ ਪਰ ਪ੍ਰੋਗਰਾਮ ਪੇਸ਼ ਕਰਨ ਤਿਆਰ ਵਿਦਿਆਰਥੀਆਂ ਦੇ ਉਤਸ਼ਾਹ ਤੇ ਜੋਸ਼ ਵਿੱਚ ਕੋਈ ਕਮੀ ਨਹੀਂ ਆਈ। ਵਿਦਿਆਰਥੀ ਰੰਗ-ਬਰੰਗੀਆਂ ਪੋਸ਼ਾਕਾਂ ਵਿੱਚ ਸਜੇ ਹੋਏ ਸਨ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਜ਼ਾਦੀ ਦਿਹਾੜੇ ਦੀ ਖ਼ੁਸ਼ੀ ਵਿੱਚ ਮਿਤੀ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਮੌਕੇ ਮੁੱਖ ਮਹਿਮਾਨ ਵੱਲੋਂ ਜ਼ਿਲ੍ਹੇ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵਕਾਂ, ਅਧਿਆਪਕਾਂ, ਡਾਕਟਰਾਂ, ਖਿਡਾਰੀਆਂ ਸਮੇਤ ਹੋਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਵੱਲੋਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਉਰਮਿਲਾ ਦੇਵੀ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ, ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਪੁਲਿਸ ਦੇ ਆਈ.ਜੀ. ਐੱਸ.ਓ.ਜੀ. ਸ੍ਰੀ ਗੌਤਮ ਚੀਮਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਸ੍ਰੀ ਸ਼ਮਸ਼ੇਰ ਸਿੰਘ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ, ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਸ. ਡਾ. ਕਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ਵਨੀ ਅਰੋੜਾ, ਐੱਸ.ਪੀ. ਗੁਰਵਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ‘ਚ ਸੁਤੰਤਰਤਾ ਦਿਵਸ ਪ੍ਰੋਗਰਾਮ ਦੌਰਾਨ ਬੇਹੋਸ਼ ਹੋਏ ਬੱਚੇ: NCC ਪਰੇਡ ਦੌਰਾਨ ਜ਼ਮੀਨ ‘ਤੇ ਡਿੱਗੀਆਂ 2 ਲੜਕੀਆਂ ਅਤੇ ਇੱਕ ਲੜਕਾ

ਅੰਮ੍ਰਿਤਸਰ: ਆਜ਼ਾਦੀ ਦਿਵਸ ਮੌਕੇ ਖੇਤੀ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ