- ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ
- ਝੋਨੇ ਦੀ ਖਰੀਦ, ਅਦਾਇਗੀ ਤੇ ਚੁਕਾਈ ਦੇ ਨਾਲ-ਨਾਲ ਹੋਰ ਪ੍ਰਬੰਧ ਵੀ ਪੁਖਤਾ ਕੀਤੇ
- 3 ਅਕਤੂਬਰ ਤੱਕ ਮੰਡੀਆਂ ‘ਚ 1 ਲੱਖ 12 ਹਜ਼ਾਰ ਮੀਟ੍ਰਿਕ ਟਨ ਝੋਨਾ ਪਹੁੰਚਿਆ, 77 ਹਜ਼ਾਰ ਮੀਟ੍ਰਿਕ ਟਨ ਦੀ ਖਰੀਦ ਹੋਈ, 3300 ਮੀਟ੍ਰਿਕ ਟਨ ਦੀ ਲਿਫਟਿੰਗ ਤੇ 43 ਕਰੋੜ ਰੁਪਏ ਦੀ ਅਦਾਇਗੀ ਹੋਈ
- ਸੂਬਾ ਰੰਗਲਾ ਪੰਜਾਬ ਬਣਨ ਦੀ ਰਾਹ ‘ਤੇ, ਘਰੇਲੂ ਨਿਵੇਸ਼ ਵਧਿਆ, ਸੈਂਕੜੇ ਸ਼ੈਲਰ ਮਿੱਲਾਂ ਨਵੀਆਂ ਲੱਗੀਆਂ-ਕਟਾਰੂਚੱਕ
ਰਾਜਪੁਰਾ, 4 ਅਕਤੂਬਰ 2023 – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਦੀ ਅਨਾਜ ਮੰਡੀ ਤੋਂ ਝੋਨੇ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ। ਉਨ੍ਹਾਂ ਦੇ ਨਾਲ ਵਿਧਾਇਕ ਨੀਨਾ ਮਿੱਤਲ, ਗੁਰਲਾਲ ਘਨੌਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਡਾਇਰੈਕਟਰ ਫੂਡ ਸਪਲਾਈਜ ਘਨਸ਼ਿਆਮ ਥੋਰੀ ਵੀ ਮੌਜੂਦ ਸਨ।ਕਟਾਰੂਚੱਕ ਨੇ ਪਿੰਡ ਰੰਗੀਆਂ ਦੇ ਕਿਸਾਨ ਸ਼ਰਨਜੀਤ ਸਿੰਘ ਦੀ ਫ਼ਸਲ ਦੀ ਬੋਲੀ ਲਗਵਾਕੇ ਖਰੀਦ ਕਰਵਾਈ।
ਕੈਬਨਿਟ ਮੰਤਰੀ ਨੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਇਹ ਵੀ ਨਵਾਂ ਇਤਿਹਾਸ ਸਿਰਜਿਆ ਹੈ ਕਿ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਕਰਕੇ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਤੁਰੰਤ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ਤੋਂ ਖੁਸ਼ਹਾਲ ਹੋਣ ਦੇ ਰਾਹ ਉਤੇ ਚੱਲਦੇ ਹੋਏ ਰੰਗਲਾ ਪੰਜਾਬ ਬਣਨ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਦੇ ਯਤਨਾਂ ਸਦਕਾ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦਾਂ ਦੀ ਵਰਤੋਂ ਕਰਨ ਕਿਉਂਕਿ ਇਸ ਲਈ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕੀਤੇ ਹੋਏ ਹਨ।ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ।ਪੰਜਾਬ ਮੰਡੀ ਬੋਰਡ ਵੱਲੋਂ ਨੋਟੀਫਾਈ 1854 ਖਰੀਦ ਕੇਂਦਰਾਂ ਵਿਖੇ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ, ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕਰ ਰਹੀਆਂ ਹਨ।ਉਨ੍ਹਾਂ ਦੱਸਿਆ ਕਿ 3 ਅਕਤੂਬਰ ਤੱਕ ਮੰਡੀਆਂ ਵਿੱਚ 1 ਲੱਖ 12 ਹਜ਼ਾਰ ਮੀਟ੍ਰਿਕ ਟਨ ਝੋਨਾ ਪਹੁੰਚਿਆ, 77 ਹਜ਼ਾਰ ਮੀਟ੍ਰਿਕ ਟਨ ਦੀ ਖਰੀਦ ਹੋਈ, 3300 ਮੀਟ੍ਰਿਕ ਟਨ ਦੀ ਲਿਫਟਿੰਗ ਅਤੇ 43 ਕਰੋੜ ਰੁਪਏ ਦੀ ਅਦਾਇਗੀ ਹੋਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਸੂਬਾ ਸਰਕਾਰ ਵੱਲੋਂ 182.10 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ। ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ ਤਾਂ ਕਿ ਬਾਹਰਲੇ ਰਾਜਾਂ ਤੋਂ ਝੋਨਾ ਆਕੇ ਇੱਧਰ ਨਾ ਵਿਕ ਸਕੇ, ਇਸ ਲਈ ਨਾਕਾਬੰਦੀ ਵੀ ਕੀਤੀ ਗਈ ਹੈ।
ਇਕ ਮੌਕੇ ਵਿਧਾਇਕ ਨੀਨਾ ਮਿੱਤਲ ਤੇ ਗੁਰਲਾਲ ਘਨੌਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਏ.ਡੀ.ਸੀ. (ਜ) ਜਗਜੀਤ ਸਿੰਘ, ਐਸ.ਡੀ.ਐਮ ਪਰਲੀਨ ਕੌਰ ਬਰਾੜ, ਡਿਪਟੀ ਡਾਇਰੈਕਟਰ ਰਜਨੀਸ਼ ਕੁਮਾਰੀ, ਡੀਐਸਪੀ ਸੁਰਿੰਦਰ ਮੋਹਨ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਡਾ. ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ ਬਰਾੜ, ਸਕੱਤਰ ਮਾਰਕੀਟ ਕਮੇਟੀ ਜੈ ਵਿਜੇ, ਖਰੀਦ ਏਜੰਸੀਆਂ ਦੇ ਅਧਿਕਾਰੀ, ਲਵਿਸ਼ ਮਿੱਤਲ, ਨਿਊ ਗਰੇਨ ਮਾਰਕੀਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਖੁਸ਼ਪ੍ਰੀਤ ਢਿੱਲੋਂ ਗੋਪਾਲਪੁਰ, ਗੁਰਤਾਜ ਸੰਧੂ, ਮਿੰਟੂ ਗਰੋਵਰ, ਲਖਵੀਰ ਗੁੱਜਰ, ਦਵਿੰਦਰ ਕੱਕੜ, ਰਜੇਸ਼ ਕੁਮਾਰ, ਸ਼ਾਮ ਸੁੰਦਰ ਵੱਧਵਾ, ਦਵਿੰਦਰ ਲੂਥਰਾ, ਲਲਿਤ ਡਾਹਰਾ ਤੇ ਮਨੀਸ਼ ਜਿੰਦਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।