ਚੰਡੀਗੜ੍ਹ, 6 ਅਗਸਤ 2025 – ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਹੋ ਰਿਹਾ ਵਿਰੋਧ ਹੁਣ ਆਮ ਆਦਮੀ ਪਾਰਟੀ (AAP) ਦੇ ਅੰਦਰ ਵੀ ਵਧਣ ਲੱਗਾ ਹੈ। ਜਿੱਥੇ ਕਿਸਾਨ ਸੰਗਠਨ ਅਤੇ ਵਿਰੋਧੀ ਪਾਰਟੀਆਂ ਪਹਿਲਾਂ ਹੀ ਇਸ ਨੀਤੀ ਦਾ ਵਿਰੋਧ ਕਰ ਰਹੀਆਂ ਸਨ, ਉੱਥੇ ਹੁਣ ‘ਆਪ’ ਦੇ ਆਗੂਆਂ ਨੇ ਵੀ ਇਸ ਨਾਲ ਨਾਰਾਜ਼ਗੀ ਪ੍ਰਗਟ ਕਰਨੀ ਸ਼ੁਰੂ ਕਰ ਦਿੱਤੀ ਹੈ।
ਮੋਗਾ ਦੇ ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਚਾਹਲ ਥਰਾਜ ਨੇ ਬਲਾਕ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਇਸ ਨੀਤੀ ਨੂੰ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਦੱਸਿਆ ਹੈ। ਗੁਰਪ੍ਰੀਤ ਸਿੰਘ ਚਾਹਲ ਦੀ ਬਾਘਾ ਪੁਰਾਣਾ ਖੇਤਰ ਵਿੱਚ ਨੌਜਵਾਨਾਂ ਅਤੇ ਪਿੰਡ ਪੱਧਰ ‘ਤੇ ਮਜ਼ਬੂਤ ਪਕੜ ਹੈ। ਜਿਸ ਕਾਰਨ ਉਨ੍ਹਾਂ ਦਾ ਅਸਤੀਫਾ ਪੰਜਾਬ ਸਰਕਾਰ ਲਈ ਇੱਕ ਵੱਡਾ ਝਟਕਾ ਹੈ।
ਇਸ ਤੋਂ ਪਹਿਲਾਂ ਮੋਗਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇਵਾਲਾ ਨੇ ਵੀ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੀ ਜ਼ਮੀਨ ਅਤੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰ ਸਕਦੀਆਂ ਹਨ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਇਹ ਨੀਤੀ ਕਿਸਾਨਾਂ ਨੂੰ ਉਨ੍ਹਾਂ ਦੀ ਆਪਣੀ ਹੀ ਜ਼ਮੀਨ ਤੋਂ ਬੇਦਖਲ ਕਰ ਦੇਵੇਗੀ ਅਤੇ ਵੱਡੇ ਉਦਯੋਗਿਕ ਪ੍ਰਾਜੈਕਟਾਂ ਨੂੰ ਫਾਇਦਾ ਪਹੁੰਚਾਏਗੀ। ਦੂਜੇ ਪਾਸੇ ਵਿਰੋਧੀ ਧਿਰਾਂ ਇਸਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਕਿਸਾਨ ਵਿਰੋਧੀ ਨੀਤੀ ਕਰਾਰ ਦੇ ਰਹੀਆਂ ਹਨ।

