- ਸ਼ਾਮ ਨੂੰ ਜਾਰੀ ਕੀਤੇ ਜਾਣਗੇ ਚੋਣ ਨਿਸ਼ਾਨ
ਚੰਡੀਗੜ੍ਹ, 30 ਅਕਤੂਬਰ 2024 – ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ ਨੂੰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ ਬਾਕੀ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
ਸੂਬੇ ਦੀਆਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਅਜਿਹੇ ‘ਚ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਇਨ੍ਹਾਂ ਸੀਟਾਂ ‘ਤੇ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਪਰ ਦਿਲਚਸਪ ਗੱਲ ਇਹ ਹੈ ਕਿ ਜਿਹੜੇ ਲੋਕ ਐਮ.ਪੀ. ਬਣ ਚੁੱਕੇ ਹਨ ਉਨ੍ਹਾਂ ਦੇ ਕਰੀਬੀ ਜਾਂ ਪਰਿਵਾਰਕ ਮੈਂਬਰ ਇਸ ਵਾਰ ਚੋਣ ਮੈਦਾਨ ਵਿੱਚ ਹਨ।
ਗਿੱਦੜਬਾਹਾ ਸੀਟ ਤੋਂ ਸੰਸਦ ਮੈਂਬਰ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਰਹੀ ਹੈ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਅਤੇ ਚੱਬੇਵਾਲ ਤੋਂ ਸੰਸਦ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇੰਸ਼ਾਕ ਚੱਬੇਵਾਲ ਵੀ ਚੋਣ ਮੈਦਾਨ ਵਿੱਚ ਹਨ। ਜਿੱਥੋਂ ਤੱਕ ਇਨ੍ਹਾਂ ਚਾਰ ਸੀਟਾਂ ਦਾ ਸਬੰਧ ਹੈ, ਬਰਨਾਲਾ ਸੀਟ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ ਪਹਿਲਾਂ ਕਾਂਗਰਸ ਦੇ ਕਬਜ਼ੇ ਵਿੱਚ ਸਨ।