ਚੰਡੀਗੜ੍ਹ, 11 ਜੁਲਾਈ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਦੀ ਜੇਲ੍ਹ ਵਿੱਚ ਆਪਣੀ ਪਹਿਲੀ ਇੰਟਰਵਿਊ ਦਿੱਤੀ ਸੀ। ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਪਹਿਲੀ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੌਂਪ ਦਿੱਤੀ ਹੈ। ਇੰਨਾ ਹੀ ਨਹੀਂ ਅਦਾਲਤ ਤੋਂ ਕੁਝ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਵੀ ਸਮਾਂ ਮੰਗਿਆ ਗਿਆ ਹੈ।
ਐਸਆਈਟੀ ਨੇ ਕੋਰਟ ਰੂਮ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਵੀ ਅਹਿਮ ਖੁਲਾਸੇ ਕੀਤੇ ਹਨ। ਐਸਆਈਟੀ ਮੁਤਾਬਕ ਉਸ ਦਾ ਪਹਿਲਾ ਇੰਟਰਵਿਊ ਸਿਗਨਲ ਐਪ ਰਾਹੀਂ ਹੋਇਆ ਸੀ। ਹਾਈ ਕੋਰਟ ਦੇ ਹੁਕਮਾਂ ’ਤੇ ਇਹ ਜਾਂਚ ਸਪੈਸ਼ਲ ਡੀਜੀਪੀ ਮਨੁੱਖੀ ਅਧਿਕਾਰ ਪ੍ਰਬੋਧ ਕੁਮਾਰ ਦੀ ਪ੍ਰਧਾਨਗੀ ਹੇਠ ਸ਼ੁਰੂ ਕੀਤੀ ਗਈ ਸੀ।
ਬੁੱਧਵਾਰ ਨੂੰ ਐਸਆਈਟੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਜਾਂਚ ਅਜੇ ਜਾਰੀ ਹੈ ਅਤੇ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਇਸ ਦੇ ਲਈ ਹਾਈਕੋਰਟ ਤੋਂ ਸਮਾਂ ਮੰਗਿਆ ਗਿਆ ਹੈ। ਜਿਸ ਤੋਂ ਬਾਅਦ SIT ਵੱਲੋਂ ਦਿੱਤੀ ਗਈ ਸੀਲਬੰਦ ਰਿਪੋਰਟ ਨੂੰ ਹਾਈਕੋਰਟ ‘ਚ ਪੜ੍ਹ ਕੇ ਸੁਣਾਇਆ ਗਿਆ ਅਤੇ ਇਸ ਨੂੰ ਦੁਬਾਰਾ SIT ਨੂੰ ਵਾਪਸ ਕਰ ਦਿੱਤਾ ਗਿਆ।
ਐਸਆਈਟੀ ਵੱਲੋਂ ਹਾਈਕੋਰਟ ਵਿੱਚ ਪੇਸ਼ ਕੀਤੀ ਇਸ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਈ ਹੈ। ਭਾਜਪਾ ਦੇ ਸੀਨੀਅਰ ਸਿੱਖ ਆਗੂ ਮਰਜਿੰਦਰ ਸਿੰਘ ਸਿਰਸਾ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਸਰਕਾਰ ਨੂੰ ਘੇਰਿਆ ਹੈ।