— ਕੁਲਤਾਰ ਸਿੰਘ ਸੰਧਵਾਂ ਅਤੇ ਹਰਜੋਤ ਸਿੰਘ ਬੈਂਸ ਨੇ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ, ਕਾਨੂੰਨੀ ਕਾਰਵਾਈ ਕੀਤੀ ਜਾਵੇ: ਲਾਲਪੁਰਾ
ਚੰਡੀਗੜ੍ਹ, 27 ਜੁਲਾਈ 2025 – ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸੰਸਦੀ ਬੋਰਡ ਦੇ ਮੈਂਬਰ, ਸਰਦਾਰ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਅਤੇ ਇਸਦੇ ਸੀਨੀਅਰ ਆਗੂਆਂ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।
ਲਾਲਪੁਰਾ ਨੇ ਕਿਹਾ, “ਇਹ ਬਹੁਤ ਸ਼ਰਮਨਾਕ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀਨਗਰ ਵਿੱਚ ਪੰਜਾਬ ਸਰਕਾਰ ਵੱਲੋਂ ਆਯੋਜਿਤ ਇੱਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਭੰਗੜਾ, ਗੀਤ ਅਤੇ ਨਾਚ ਵਰਗੀਆਂ ਮਨੋਰੰਜਨ ਗਤੀਵਿਧੀਆਂ ਕੀਤੀਆਂ ਗਈਆਂ। ਇਹ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਅਪਮਾਨ ਹੈ ਅਤੇ ਸਿੱਧੇ ਤੋਰ ‘ਤੇ ਬੇਅਦਬੀ ਹੈ।”

ਉਨ੍ਹਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਅਰਦਾਸ ਦਾ ਦੋਹਰਾ’ ਗਲਤ ਪੜ੍ਹੇ ਜਾਣ ਦੀ ਘਟਨਾ ਨੂੰ ਵੀ ਬਹੁਤ ਇਤਰਾਜ਼ਯੋਗ ਦੱਸਿਆ। “ਇਸ ਦੌਰਾਨ, ਉਨ੍ਹਾਂ ਨੇ ਨਾ ਤਾਂ ਵਿਧਾਇਕਾਂ ਅਤੇ ਮੌਜੂਦ ਹੋਰ ਲੋਕਾਂ ਨੂੰ ਆਪਣੇ ਸਿਰ ਢੱਕਣ ਲਈ ਕਿਹਾ ਅਤੇ ਨਾ ਹੀ ਉਨ੍ਹਾਂ ਦੇ ਜੋੜੇ ਉਤਰਵਾਏ, ਜੋ ਕਿ ਸਿੱਖ ਮਰਿਆਦਾ ਦੀ ਘੋਰ ਉਲੰਘਣਾ ਹੈ – ਇਹ ਵੀ ਬੇਅਦਬੀ ਹੈ,” ਉਨ੍ਹਾਂ ਕਿਹਾ।
ਲਾਲਪੁਰਾ ਨੇ ‘ਆਪ’ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਬਾਰੇ ਕੀਤੇ ਗਏ ਚੋਣ ਵਾਅਦਿਆਂ ਨੂੰ ਵੀ ਝੂਠਾ ਅਤੇ ਧੋਖਾ ਦੱਸਿਆ। “ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਬੇਅਦਬੀ ਦੇ ਮਾਮਲਿਆਂ ਲਈ ਇੱਕ ਫਾਸਟ-ਟਰੈਕ ਅਦਾਲਤ ਬਣਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਕੁਝ ਦਿਨਾਂ ਵਿੱਚ ਸਜ਼ਾ ਦਿੱਤੀ ਜਾਵੇਗੀ, ਪਰ ਇਹ ਸਿਰਫ਼ ਇੱਕ ਵੱਡਾ ਝੂਠ ਸਾਬਤ ਹੋਇਆ”।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਤੀਰੇ ‘ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਿਆਂ ਲਾਲਪੁਰਾ ਨੇ ਕਿਹਾ, “ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਤੋਂ ਗੈਰਹਾਜ਼ਰ ਰਹੇ ਅਤੇ ਉਸੇ ਦਿਨ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਗਏ।”
ਲਾਲਪੁਰਾ ਨੇ ਮੰਗ ਕੀਤੀ: “ਅਸੀਂ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ, ਹਰਜੋਤ ਸਿੰਘ ਬੈਂਸ, ਕੁਲਤਾਰ ਸਿੰਘ ਸੰਧਵਾਂ ਅਤੇ ਸਮੁੱਚੀ ‘ਆਪ’ ਲੀਡਰਸ਼ਿਪ ਤੋਂ ਸਿੱਖ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਬੇਅਦਬੀ ਕਰਨ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ।”
