ਲੁਧਿਆਣਾ, 30 ਮਈ 2025 – ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਵੱਲੋਂ ਅੱਜ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਲਈ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੋਂ ਇਲਾਵਾ ਸੰਜੀਵ ਅਰੋੜਾ ਦੇ ਰਿਸ਼ਤੇਦਾਰ ਮੌਜੂਦ ਸਨ।
ਨਾਮਜਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਉਹਨਾਂ ਨੂੰ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ। ਅਰੋੜਾ ਨੇ ਦਾਅਵਾ ਕੀਤਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਉਹਨਾਂ ਦੀ ਵੱਡੀ ਜਿੱਤ ਹੋਵੇਗੀ।
ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਅੰਦਰ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ, ਭਰਿਸ਼ਟਾਚਾਰ ਦੇ ਖਿਲਾਫ ਵੀ ਸਾਡੀ ਸਰਕਾਰ ਦੇ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਲੁਧਿਆਣਾ ਦੇ ਲੋਕ ਬਹੁਤ ਸਿਆਣੇ ਹਨ, ਉਹ ਆਮ ਆਦਮੀ ਪਾਰਟੀ ਦੇ ਸੂਝਵਾਨ ਅਤੇ ਇਮਾਨਦਾਰ ਆਗੂ ਸੰਜੀਵ ਅਰੋੜਾ ਨੂੰ ਹੀ ਵਿਧਾਇਕ ਬਣਾ ਕੇ ਵਿਧਾਨ ਸਭਾ ਵਿੱਚ ਭੇਜਣਗੇ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਸੰਜੀਵ ਅਰੋੜਾ ਦੇ ਹੱਕ ਵਿਚ ਰੋਡ ਸ਼ੋਅ ਵੀ ਕੀਤਾ ਗਿਆ। ਇਸ ਦੌਰਾਨ CM ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਲੁਧਿਆਣੇ ਦੇ ਲੋਕਾਂ ਨੂੰ ਸੰਜੀਵ ਅਰੋੜਾ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਵੱਲੋਂ ਵਿਰੋਧੀਆਂ ‘ਤੇ ਤਿੱਖੇ ਨਿਸ਼ਾਨੇ ਵੀ ਵਿੰਨ੍ਹੇ ਗਏ।
ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਨਾਲ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇੱਥੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
