ਮਾਨ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ‘ਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ, ਦੋ ਕਰੋੜ ਰੁਪਏ ਦਾ ਚੈੱਕ ਸੌਂਪਿਆ

  • ਸ਼ਹੀਦ ਦੇ ਜੱਦੀ ਪਿੰਡ ਜਾ ਕੇ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪੇ

ਸ਼ਾਹਪੁਰ (ਗੁਰਦਾਸਪੁਰ), 11 ਜਨਵਰੀ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ ਕੀਤਾ ਹੈ ਜਿਸ ਨੇ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਆਪਣੀ ਮਾਤ-ਭੂਮੀ ਦੀ ਖਾਤਰ ਜੀਵਨ ਕੁਰਬਾਨ ਕਰ ਦਿੱਤਾ।

ਮੁੱਖ ਮੰਤਰੀ ਨੇ ਅੱਜ ਇੱਥੇ ਸ਼ਹੀਦ ਦੇ ਜੱਦੀ ਘਰ ਗਏ ਅਤੇ ਦੇਸ਼ ਲਈ ਕੀਤੀ ਮਹਾਨ ਕੁਰਬਾਨੀ ਦੇ ਸਤਿਕਾਰ ਵਿਚ ਪੀੜਤ ਪਰਿਵਾਰ ਨੂੰ ਦੋ ਕਰੋੜ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਵਿਚ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਸੂਬਾ ਸਰਕਾਰ ਨੇ ਦਿੱਤੀ ਜਦਕਿ ਇਕ ਕਰੋੜ ਦੀ ਰਾਸ਼ੀ ਐਚ.ਡੀ.ਐਫ.ਸੀ. ਬੈਂਕ ਦੀ ਜੀਵਨ ਬੀਮਾ ਵਜੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਨੇ ਫਗਵਾੜਾ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਰਾਖੀ ਲਈ ਸੱਚੇ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।

ਮਾਤ ਭੂਮੀ ਦੀ ਰਾਖੀ ਲਈ ਜਾਨ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਚ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਇਕ ਸਟੇਡੀਅਮ ਸਥਾਪਤ ਕੀਤਾ ਜਾਵੇਗਾ ਜਿੱਥੇ ਅਤਿ-ਆਧੁਨਿਕ ਅਥਲੈਟਿਕ ਟਰੈਕ ਵੀ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਲਾਕੇ ਦੇ ਨੌਜਵਾਨ ਪੰਜਾਬ ਪੁਲਿਸ ਅਤੇ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਲਈ ਇਸ ਸਟੇਡੀਅਮ ਵਿਚ ਤਿਆਰੀ ਕਰ ਸਕਣਗੇ।

ਮੁੱਖ ਮੰਤਰੀ ਨੇ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦਾ ਨਾਂ ਵੀ ਕੁਲਦੀਪ ਸਿੰਘ ਬਾਜਵਾ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਿਚ ਹੈ। ਭਗਵੰਤ ਮਾਨ ਨੇ ਕਿਹਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਦੇ ਮੁਤਾਬਕ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦਾ ਇਹ ਉਪਰਾਲਾ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮੁਹੱਈਆ ਕਰਵਾਏਗਾ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਨੌਜਵਾਨਾਂ ਨੂੰ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਉਤਸ਼ਾਹਿਤ ਕਰੇਗਾ। ਭਗਵੰਤ ਮਾਨ ਨੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ‘ਸੱਚੇ ਦੇਸ਼ ਭਗਤ’ ਦੱਸਿਆ, ਜਿਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੇ ਹਥਿਆਰਬੰਦ ਸੈਨਾਵਾਂ ਵਿਚ ਬਹੁਤ ਸਾਰੇ ਸੈਨਿਕ ਅਤੇ ਜਰਨੈਲ ਪੈਦਾ ਕੀਤੇ ਹਨ ਜਿਨ੍ਹਾਂ ਨੇ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਹਰ ਚੁਣੌਤੀ ਦਾ ਦਲੇਰੀ ਨਾਲ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚ ਵੱਸਦੇ ਇਨ੍ਹਾਂ ਬਹਾਦਰ ਲੋਕਾਂ ਦਾ ਅਥਾਹ ਯੋਗਦਾਨ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਦੇ ਵਪਾਰੀ ਦੀ ਕਾਰ ‘ਚੋਂ 57 ਲੱਖ ਦੀ ਲੁੱਟ ਦਾ ਮਾਮਲਾ: ਪੁਲਿਸ ਨੇ 46.50 ਲੱਖ ਕੀਤੇ ਬਰਾਮਦ

ਦਰਬਾਰ ਸਾਹਿਬ ਆਏ ਸ਼ਰਧਾਲੂ ਦਾ ਹੈਰੀਟੇਜ ਸਟਰੀਟ ‘ਤੇ ਡਿੱਗਿਆ ਮੋਬਾਈਲ: ਰੁਮਾਲ ਵੇਚਣ ਵਾਲੇ ਨੂੰ ਲੱਭਿਆ, ਕੀਤਾ ਵਾਪਿਸ