ਚੰਡੀਗੜ੍ਹ, 2 ਅਪ੍ਰੈਲ 2023 – ਪੰਜਾਬ ਵਿੱਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇਮਾਰੀ ਨੇ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਸੀ। ਕਿਸਾਨਾਂ ਦੇ ਇਸ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਮਾਨ ਨੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਰਿਪੋਰਟ ਜਲਦੀ ਬਣਾਉਣ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।
ਸੀਐਮ ਮਾਨ ਦੀਆਂ ਹਦਾਇਤਾਂ ਤੋਂ ਬਾਅਦ ਵਿਧਾਇਕਾਂ ਨੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਫਸਲੀ ਬੀਮਾ ਕੀਤਾ ਜਾਵੇਗਾ। ਸਰਕਾਰ ਨੇ ਭਾਰੀ ਮੀਂਹ ਕਾਰਨ ਡਿੱਗੇ ਮਕਾਨਾਂ ਅਤੇ ਮਾਮੂਲੀ ਨੁਕਸਾਨ ਲਈ ਮੁਆਵਜ਼ੇ ਦਾ ਵੀ ਐਲਾਨ ਕੀਤਾ ਹੈ।
ਸੀ.ਐਮ.ਭਗਵੰਤ ਮਾਨ ਨੇ ਕਿਹਾ ਹੈ ਕਿ ਕੁਦਰਤੀ ਆਫਤ ਕਾਰਨ ਖਰਾਬ ਹੋਈ ਫਸਲ ਦਾ ਮੁਆਵਜ਼ਾ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਨੂੰ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲ ਖਰਾਬ ਹੋਣ ‘ਤੇ 15,000 ਰੁਪਏ ਪ੍ਰਤੀ ਏਕੜ ਅਤੇ 33 ਤੋਂ 75 ਫੀਸਦੀ ਨੁਕਸਾਨ ਲਈ 6,800 ਰੁਪਏ ਮੁਆਵਜ਼ਾ ਦੇਵੇਗੀ। ਪਿੰਡ ਦੀ ਸਾਂਝੀ ਥਾਂ ’ਤੇ ਪਟਵਾਰੀ ਵੱਲੋਂ ਗਿਰਦਾਵਰੀ ਕੀਤੀ ਜਾਵੇਗੀ। ਇਸ ਵਿੱਚ ਪੁਰਾਣੇ ਅਤੇ ਮੌਜੂਦਾ ਨੁਕਸਾਨ ਵੀ ਸ਼ਾਮਲ ਹੋਣਗੇ। ਜਿਨ੍ਹਾਂ ਘਰਾਂ ਨੂੰ ਭਾਰੀ ਮੀਂਹ ਕਾਰਨ ਮਾਮੂਲੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਰੰਮਤ ਲਈ 5200 ਰੁਪਏ ਦਿੱਤੇ ਜਾਣਗੇ। ਆਰਥਿਕ ਤੌਰ ‘ਤੇ ਕਮਜ਼ੋਰ ਲੋਕ ਜਿਨ੍ਹਾਂ ਦਾ ਪੂਰਾ ਘਰ ਢਹਿ ਗਿਆ ਹੈ, ਉਨ੍ਹਾਂ ਨੂੰ 1.20 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ।