29 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਹੁਣ ਪ੍ਰਾਈਵੇਟ ਸੈਕਟਰ ‘ਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਵਾਂਗੇ – ਮਾਨ

  • ਹੁਣ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰ ਵਿੱਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਏਗੀ
  • ਪੰਜਾਬ ਵਿੱਚ ਲਗਭਗ 48,000 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਿਆ ਹੈ

ਚੰਡੀਗੜ੍ਹ, 10 ਜੂਨ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਨੌਜਵਾਨਾਂ ਨੂੰ ਸੂਬਾ ਸਰਕਾਰ ਦੀਆਂ ਰੁਜ਼ਗਾਰ ਸੰਬੰਧੀ ਪ੍ਰਾਪਤੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ‘ਆਪ’ ਸਰਕਾਰ ਨੇ 1.25 ਸਵਾਲਾਂ ‘ਚ 29 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਨੂੰ ਡੇਢ ਸਾਲ ਵਿੱਚ ਨੌਕਰੀਆਂ ਦੇਣ ਦਾ ਰਿਕਾਰਡ ਦੱਸਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਸੂਬਾ ਸਰਕਾਰ ਹੁਣ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰ ਵਿੱਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਏਗੀ।

ਪੰਜਾਬ ਦੇ ਨੌਜਵਾਨਾਂ ਦੇ ਨਾਮ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਨੌਕਰੀਆਂ ਮੁਹੱਈਆ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖ਼ਾਸ ਕਰਕੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਵੱਡੇ ਯਤਨਾਂ ਸਦਕਾ ਹੁਣ ਤੱਕ ਪੰਜਾਬ ਵਿੱਚ ਲਗਭਗ 48,000 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ 2.77 ਲੱਖ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਉਨ੍ਹਾਂ ਦੀ ਅਥਾਹ ਸ਼ਕਤੀ ਨੂੰ ਸਾਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਨਿੱਜੀ ਖੇਤਰ ਵਿੱਚ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਪੈਣਗੇ। ਇਸ ਦੇ ਲਈ ਪੰਜਾਬ ਵਿੱਚ ਇੰਡਸਟਰੀ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਕਰੀਆਂ ਸਮੁੱਚੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਸ਼ਵ ਪੱਧਰ ‘ਤੇ ਉਭਾਰਨ ਲਈ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿਹਨਤੀ ਅਤੇ ਸਮਰਪਿਤ ਨੌਜਵਾਨਾਂ ਦੇ ਹੱਥਾਂ ਵਿੱਚ ਡਿਗਰੀਆਂ ਅਤੇ ਬਾਅਦ ਵਿੱਚ ਨਿਯੁਕਤੀ ਪੱਤਰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਜ਼ੋਰ ਸੂਬੇ ਵਿੱਚੋਂ ਹੁਨਰਮੰਦ ਨੌਜਵਾਨੀ ਦੇ ਪਰਵਾਸ (ਬਰੇਨ ਡਰੇਨ) ਦੇ ਰੁਝਾਨ ਨੂੰ ਪਲਟਣ ਉਤੇ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਣ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਨੂੰ ਇੱਥੇ ਉਨ੍ਹਾਂ ਦੇ ਵਤਨ ਵਿੱਚ ਹੀ ਮੁਨਾਫ਼ੇ ਵਾਲੀਆਂ ਨੌਕਰੀਆਂ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਅਤੇ ਨੌਜਵਾਨ ਮਿਲ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਗੇ ਅਤੇ ਇੱਕ ਗਤੀਸ਼ੀਲ, ਅਗਾਂਹਵਧੂ ਅਤੇ ਸ਼ਾਂਤਮਈ ਪੰਜਾਬ ਦੀ ਸਿਰਜਣਾ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮਾਨਸਾ ‘ਚ, ਲਏ ਜਾ ਸਕਦੇ ਨੇ ਕਈ ਵੱਡੇ ਫ਼ੈਸਲੇ

‘ਆਪ’ 15 ਹਜ਼ਾਰ ਲੋਕਾਂ ਨੂੰ ਕਰਾਏਗੀ ਯੋਗਾ, 20 ਜੂਨ ਨੂੰ ਮਨਾਏਗੀ ਯੋਗਾ ਦਿਵਸ