- ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੋਲ ਖੜ੍ਹ ਕੇ ਪਿੰਡ ਅਭੀਪੁਰ ’ਚ 29 ਏਕੜ ਪੰਚਾਇਤੀ ਜ਼ਮੀਨ ਤੋਂ ਕਬਜੇ ਹਟਵਾਏ : ਵਿਧਾਇਕ ਜੈ ਕਿਸ਼ਨ ਸਿੰਘ ਰੋੜੀ
ਚੰਡੀਗੜ੍ਹ, 29 ਅਪ੍ਰੈਲ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਇਸ ਮੁਹਿੰਮ ਦਾ ਸਵਾਗਤ ਕਰਦਿਆਂ ‘ਆਪ’ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸੂਬੇ ਭਰ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਸ਼ੁਰੂਆਤ ਮੋਹਾਲੀ ਜ਼ਿਲ੍ਹੇ ਵਿੱਚ ਕੀਤੀ ਗਈ , ਜਿਥੇ ਸ਼ਿਵਾਲਿਕ ਪਹਾੜੀਆਂ ਦੀ ਜੜ੍ਹਾਂ ਵਿਚ ਨਿਊ ਚੰਡੀਗੜ੍ਹ ਦੇ ਬਿਲਕੁਲ ਨੇੜੇ ਬਲਾਕ ਮਾਜਰੀ ਦੇ ਪਿੰਡ ਅਭੀਪੁਰ ਦੀ ਕਰੋੜਾਂ ਰੁਪਏ ਦੀ ਬਹੁ-ਕੀਮਤੀ 29 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਪਿੰਡ ਦੀ ਪੰਚਾਇਤ ਵਲੋਂ ਲੈ ਲਿਆ ਗਿਆ ਹੈ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਸਮੇਤ ਪੰਜਾਬ ਭਰ ’ਚ ਵੱਖ ਵੱਖ ਪਿੰਡਾਂ ’ਚ ਪੰਚਾਇਤੀ ਜ਼ਮੀਨਾਂ ’ਤੇ ਸਿਆਸੀ ਆਗੂਆਂ ਅਤੇ ਹੋਰ ਰਸੂਖਵਾਨ ਲੋਕਾਂ ਨੇ ਨਜਾਇਜ਼ ਕਬਜੇ ਹੋਏ ਹਨ ਜਾਂ ਆਪਣੇ ਹਿਤੈਸ਼ੀਆਂ ਦੇ ਕਬਜੇ ਕਰਵਾਏ ਹੋਏ ਹਨ। ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜੇ ਹਟਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੋਹਾਲੀ ਜ਼ਿਲ੍ਹੇ ’ਚ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜੇ ਹਟਾ ਕੇ ਮੁੱਖ ਮੰਤਰੀ ਦੇ ਫ਼ੈਸਲੇ ਨੂੰ ਅਮਲੀਜ਼ਾਮਾ ਪਹਿਨਾ ਦਿੱਤਾ ਹੈ ।
ਉਨ੍ਹਾਂ ਕਿਹਾ ਕਿ ਕਬਜੇ ਹਟਾਉਣ ਦੀ ਮੁਹਿੰਮ ਦੀ ਸ਼ੁਰੂਆਤ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਅਭੀਪੁਰ ’ਚ ਆਪਣੀ ਨਿਗਰਾਨੀ ’ਚ ਸ਼ੁਰੂ ਕਰਵਾਈ ਤਾਂ ਜੋ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੋਈ ਸਮੱਸਿਆ ਨਾ ਆਵੇ ਅਤੇ ਹੁਣ ਸੂਬੇ ਭਰ ’ਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜੇ ਹਟਾਏ ਜਾਣਗੇ।
ਵਿਧਾਇਕ ਰੋੜੀ ਨੇ ਦੱਸਿਆ ਕਿ ਪਿੰਡ ਅਭੀਪੁਰ ਦੀ ਪੰਚਾਇਤੀ ਜ਼ਮੀਨ ’ਤੇ ਬਿਕਰਮ ਸਿੰਘ ਨਾਮੀ ਵਿਅਕਤੀ ਵਲੋਂ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ। ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਦਿਆਂ ਪਹਿਲੇ ਮਹੀਨੇ ਹੀ ਇਹ ਵੱਡੀ ਕਰਾਵਾਈ ਕਰਦਿਆਂ ਅੱਜ ਐਸ.ਏ.ਐਸ ਨਗਰ ਜ਼ਿਲ੍ਹੇ ਦੀ ਇਹ ਬੇਸ਼ਕੀਮਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾ ਲਿਆ ਗਿਆ ਹੈ।
ਵਿਧਾਇਕ ਰੋੜੀ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ ਅਤੇ 31 ਮਈ ਤੱਕ ਸੂਬੇ ’ਚ ਹਜ਼ਾਰਾਂ ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ, ਕਿਉਂਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਪੰਚਾਇਤੀ ਜਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਦੇ ਕਬਜ਼ੇ ਹਟਾਏ ਜਾਣਗੇ ਭਾਵੇਂ ਨਜਾਇਜ਼ ਕਬਜਾ ਕਿਸੇ ਰਸੂਖਦਾਰ ਵੱਲੋਂ ਹੋਵੇ ਜਾਂ ਸਧਾਰਨ ਵਿਅਕਤੀ ਵੱਲੋਂ ਹੋਵੇ। ਪੰਚਾਇਤੀ ਜ਼ਮੀਨਾਂ ਤੋਂ ਕਬਜੇ ਹਟਾ ਕੇ ਇਹ ਜ਼ਮੀਨਾਂ ਪੰਚਾਇਤਾਂ ਨੂੰ ਸੌਂਪੀਆਂ ਜਾਣਗੀਆਂ।