ਗਵਰਨਰ ਤੇ ਕੇਂਦਰ ਨਾਲ ਟਕਰਾਅ ਕਰ ਕੇ CM ਮਾਨ ਨੇ ਸੂਬੇ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਕੀਤਾ: ਅਕਾਲੀ ਦਲ

ਚੰਡੀਗੜ੍ਹ, 13 ਜੂਨ 2023: ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਟਕਰਾਅ ਦੀ ਮਾੜੀ ਨੀਤੀ ਤੇ ਪੰਜਾਬ ਦੇ ਰਾਜਪਾਲ ਤੇ ਕੇਂਦਰ ਸਰਕਾਰ ਨਾਲ ਗੈਰ ਸੰਵਿਧਾਨਕ ਵਿਹਾਰ ਕਾਰਨ ਸੂਬੇ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਅਤੇ ਸਿਹਤ ਖੇਤਰ ਦੇ ਨਾਲ ਨਾਲ ਜ਼ਰੂਰੀ ਪੇਂਡੂ ਬੁਨਿਆਦੀ ਢਾਂਚਾ ਵੀ ਖ਼ਤਰੇ ਵਿਚ ਪੈ ਗਿਆ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਪੰਜਾਬ ਦੇ ਮੰਦੇਭਾਗ ਹਨ ਕਿ ਇਸਦਾ ਮੁੱਖ ਮੰਤਰੀ ਸੰਵਿਧਾਨਕ ਨਿਯਮਾਂ ਮੁਤਾਬਕ ਕੰਮ ਨਹੀਂ ਕਰ ਰਿਹਾ ਤੇ ਜਨਤਕ ਤੌਰ ’ਤੇ ਇਸਨੇ ਰਾਜਪਾਲ ਨਾਲ ਸ਼ਬਦੀ ਜੰਗ ਛੇੜ ਰੱਖੀ ਹੈ ਜਦੋਂ ਕਿ ਜ਼ਰੂਰਤ ਪੰਜਾਬੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੀ ਸੀ। ਉਹਨਾਂ ਕਿਹਾ ਕਿ ਹਾਲ ਹੀ ਵਿਚ ਰਾਜਪਾਲ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਕਿਹਾ ਹੈ ਕਿ ਮੁੱਖ ਮੰਤਰੀ ਨੇ ਉਹਨਾਂ ਦੀਆਂ 10 ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਜਿਸ ਤੋਂ ਪਤਾ ਚਲਦਾ ਹੈ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਸਰਕਾਰ ਕਿਵੇਂ ਚਲਾਈ ਜਾ ਰਹੀ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਮੁੱਖ ਮੰਤਰੀ ਦੇ ਮਾੜੇ ਵਤੀਰੇ ਦੀ ਮਾਰ ਝੱਲਣੀ ਪੈ ਰਹੀ ਹੈ। ਉਹਨਾਂ ਕਿਹਾ ਕਿ ਇਸ ਵੇਲੇ ਪੰਜਾਬ ਨੂੰ ਵੱਧ ਫੰਡ ਜੁਟਾਉਣ ਦੀ ਲੋੜ ਸੀ ਪਰ ਮੁੱਖ ਮੰਤਰੀ ਤਾਂ ਕੇਂਦਰ ਸਰਕਾਰ ਤੋਂ ਆਪਣੇ ਬਕਾਏ ਵੀ ਜਾਰੀ ਨਹੀਂ ਕਰਵਾ ਸਕੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੇਂਡੂ ਵਿਕਾਸ ਫੰਡ (ਆਰ ਡੀ ਐਫ) ਦੇ ਕੇਂਦਰ ਕੋਲ ਬਕਾਏ ਜਾਰੀ ਕਰਨ ਵਾਸਤੇ ਮਾਮਲਾ ਨਹੀਂ ਚੁੱਕ ਸਕੇ।

ਡਾ. ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਦਾ ਕੌਮੀ ਸਿਹਤ ਮਿਸ਼ਨ ਤਹਿਤ 800 ਕਰੋੜ ਰੁਪਏ ਦਾ ਬਕਾਇਆ ਵੀ ਨਹੀਂ ਮੰਗਿਆ ਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕੇਂਦਰ ਦੇ ਨਿਯਮਾਂ ਦੀ ਪਰਵਾਹ ਨਾ ਕਰਦਿਆਂ ਆਮ ਆਦਮੀ ਕਲੀਨਿਕ ਸਥਾਪਿਤ ਕਰਨ ’ਤੇ ਜ਼ੋਰ ਦਿੱਤਾ ਜਿਸ ਕਾਰਨ ਕੌਮੀ ਸਿਹਤ ਮਿਸ਼ਨ ਫੰਡ ਦੇਣ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਹੁਣ ਜਦੋਂ ਸਿਹਤ ਢਾਂਚਾ ਢਹਿ ਢੇਰੀ ਹੋਣ ਦੇ ਕੰਢੇ ਪਹੁੰਚ ਗਿਆ ਤਾਂ ਆਪ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿਚ ਤਾਇਨਾਤ ਡਾਕਟਰਾਂ ਤੇ ਸਟਾਫ ਨੂੰ ਵਾਪਸ ਪ੍ਰਾਇਮਰੀ ਹੈਲਥ ਸੈਂਟਰਾਂ ਤੇ ਪੇਂਡੂ ਡਿਸਪੈਂਸਰੀਆਂ ਵਿਚ ਭੇਜ ਦਿੱਤਾ ਹੈ।

ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬੀਆਂ ਦੀ ਇੱਛਾ ਅਨੁਸਾਰ ਤੇ ਇਹਨਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਸੂਬੇ ਨੂੰ ਚਲਦਾ ਰੱਖਣ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਟਕਰਾਅ ਦੀ ਨੀਤੀ ਅਪਣਾ ਰਹੇ ਹਨ ਤੇ ਉਹਨਾਂ ਨੇ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਸੂਬੇ ਦਾ ਇਸ਼ਤਿਹਾਰੀ ਬਜਟ ਵਧਾ ਕੇ 750 ਕਰੋੜ ਰੁਪਏ ਕਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਪੀਕਰ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ ਨੂੰ ਸੱਦੀ

ਸਾਬਕਾ ਮੁੱਖ ਮੰਤਰੀ ਚੰਨੀ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ: ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ